ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾਉਣ ਤੋਂ ਬਾਅਦ ਪੰਜਾਬ ਵਿਚ ਰਾਜਸੀ ਪਾਰਟੀਆਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਹੋਣ ਨਾਲ ਕਾਂਗਰਸ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ, ਸਿੱਧੂ ਤਾਂ ਪਹਿਲਾਂ ਹੀ ਪਾਰਟੀ ਦੀਆਂ ਨੀਤੀਆਂ ਦੇ ਉਲਟ ਕੰਮ ਕਰ ਰਿਹਾ ਸੀ। ਇਸ ਬਾਰੇ ਕਾਂਗਰਸ ਹਾਈਕਮਾਂਡ ਤੋਂ ਕਈ ਵਾਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਗਈ ਸੀ ਪਰ ਹਾਈਕਮਾਂਡ ਨੇ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ ਪਾਰਟੀ ਨਹੀਂ ਕਰ ਸਕੀ, ਉਹ ਸੁਪਰੀਮ ਕੋਰਟ ਨੇ ਕਰ ਦਿੱਤਾ ਹੈ। ਇਸ ਫੈਸਲੇ ਨਾਲ ਪੀੜਤਾਂ ਨੂੰ ਇਨਸਾਫ ਮਿਲਿਆ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਪਾਰਟੀ ਵਿੱਚ ਆਉਣਾ ਗਲਤ ਸੀ। ਉਸ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਦੇ ਉਲਟ ਚੱਲਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਵਰਗੇ ਵਿਅਕਤੀ ਦਾ ਕੋਈ ਸਟੈਂਡ ਨਹੀਂ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਇਹ ਮਾਮਲਾ ਬਹੁਤ ਪੁਰਾਣਾ ਚੱਲਿਆ ਆ ਰਿਹਾ ਹੈ। ਇਸ ਲਈ ਸੁਪਰੀਮ ਕੋਰਟ ਨੇ ਚੰਗਾ ਫ਼ੈਸਲਾ ਦਿੱਤਾ ਹੈ, ਇਸ ਫੈਸਲੇ ਨਾਲ ਪੀੜਤਾਂ ਨੂੰ ਅੱਜ ਇਨਸਾਫ਼ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਵਰਗੇ ਆਗੂ ਜੇਲ੍ਹ ਜਾ ਸਕਦੇ ਹਨ ਤਾਂ ਨਵਜੋਤ ਸਿੰਘ ਸਿੱਧੂ ਨੂੰ ਵੀ ਜੇਲ੍ਹ ਜਾਣਾ ਪਵੇਗਾ।