ਨਵੀਂ ਦਿੱਲੀ, 5 ਜਨਵਰੀ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਲਾਂਘਾ ਦਿੱਤਾ ਜਾਵੇ ਅਤੇ ਅੱਜ ਪੰਜਾਬ ਵਿੱਚ ਜੋ ਕੁਝ ਵੀ ਹੋਇਆ ਹੈ ਉਹ ਪ੍ਰਸ਼ਾਸਨ ਦੀ ਲਾਪ੍ਰਵਾਹੀ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਫੇਰੀ ਦੌਰਾਨ ਰੋਸ ਪ੍ਰਦਰਸ਼ਨਾਂ ਕਾਰਨ ਇਕ ਫਲਾਈਓਵਰ ’ਤੇ 15-20 ਮਿੰਟਾਂ ਲਈ ਫਸ ਗਏ ਸਨ। ਸੀਤਾਰਮਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਨੁਸਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ 10 ਹਜ਼ਾਰ ਕਰਮੀ ਤਾਇਨਾਤ ਕੀਤੇ ਗਏ ਸਨ ਪਰ ਫਿਰ ਵੀ ਉਹ ਸ੍ਰੀ ਮੋਦੀ ਨੂੰ ਸੁਰੱਖਿਅਤ ਲਾਂਘਾ ਨਹੀਂ ਦੇ ਸਕੇ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸੁਰੱਖਿਆ ਵਿੱਚ ਕੁਤਾਹੀ ਵਰਤਣ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। -ਪੀਟੀਆਈ