ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐੱਸਸੀ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕਮ ਐਡੀਸ਼ਨਲ ਚੀਫ਼ ਸੈਕਟਰੀ ਦੀ ਉਹ ਜਾਂਚ ਰਿਪੋਰਟ ਜਨਤਕ ਕਰ ਦਿੱਤੀ ਜਿਸ ਵਿੱਚ ਉਨ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਸੂਰਵਾਰ ਠਹਿਰਾਇਆ ਹੈ ਤੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ ਦਲਿਤ ਵਿਦਿਆਰਥੀਆਂ ਨੂੰ ਦੱਸਣ ਕਿ ਉਨ੍ਹਾਂ ਨੂੰ ਭ੍ਰਿਸ਼ਟ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਹੋਰ ਕਿਹੜਾ ਸਬੂਤ ਚਾਹੀਦਾ ਹੈ? ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਧਰਮਸੋਤ ਨੂੰ ਇਸ ਕੇਸ ਵਿਚ ਬਰਖ਼ਾਸਤ ਨਹੀਂ ਕਰਦੇ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੇ ਤਾਂ ਇਸਦਾ ਸਪਸ਼ਟ ਮਤਲਬ ਹੋਵੇਗਾ ਕਿ ਉਹ ਲੁਕਵੇਂ ਮੰਤਵਾਂ ਨਾਲ ਇਕ ਚੋਰ ਦਾ ਬਚਾਅ ਕਰ ਰਹੇ ਹਨ ਅਤੇ ਸਾਰੀ ਕਾਂਗਰਸ ਪਾਰਟੀ ਜਿਸ ਵਿਚ ਹਾਈ ਕਮਾਂਡ ਵੀ ਸ਼ਾਮਲ ਹੈ। ਉਨ੍ਹਾਂਨੇ ਮੁੱਖ ਸਕੱਤਰ ਅਧੀਨ ਬਣਾਈ ਕਮੇਟੀ ਵੀ ਰੱਦ ਕਰ ਦਿੱਤੀ ਤੇ ਕਿਹਾ ਕਿ ਇਸਦਾ ਮਕਸਦ ਕਲੀਨ ਚਿੱਟ ਦੇਣਾ ਹੈ। ਇਥੇ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਏਸੀਐੱਸ ਕਿਰਪਾ ਸ਼ੰਕਰ ਸਰੋਜ ਵੱਲੋਂ ਕੀਤੀ ਜਾਂਚ ਨੇ ਖ਼ੁਲਾਸਾ ਕੀਤਾ ਕਿ ਧਰਮਸੋਤ ਨੇ 63 ਕਰੋੜ ਰੁਪਏ ਦੇ ਘੁਟਾਲੇ ਨੂੰ ਅੰਜਾਮ ਦਿੱਤਾ ਅਤੇ ਅਫ਼ਸਰ ਨੇ ਇਸ ਦਾ ਸਬੂਤ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੇ ਵਿਭਾਗ ਦੇ ਡਾਇਰੈਕਟਰ ਦੀਆਂ ਅਦਾਇਗੀਆਂ ਦੀ ਤਾਕਤ ਇਕ ਹੁਕਮ ਜਾਰੀ ਕਰ ਕੇ ਵਾਪਸ ਲੈ ਲਈ ਤੇ ਚੋਣਵੇਂ ਤਰੀਕੇ ਨਾਲ ਆਪਣੇ ਹਸਤਾਖਰ ਹੇਠ ਅਦਾਇਗੀਆਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਥੇ ਹੀ ਬੱਸ ਨਹੀਂ, ਧਰਮਸੋਤ ਨੇ ਵਿਦਿਆਰਥੀਆਂ ਨੂੰ ਗੁਜ਼ਾਰਾ ਭੱਤਾ ਵੀ ਨਹੀਂ ਦਿੱਤਾ ਜਦਕਿ ਇਹ ਪ੍ਰਾਈਵੇਟ ਸੰਸਥਾਵਾਂ ਦੀ ਥਾਂ ਇਹ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਅਦਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ 2015-16 ਅਤੇ 2016-17 ਵਿਚ 72 ਕਰੋੜ ਰੁਪਏ ਅਣਵਰਤੇ ਪਏ ਸਨ। ਉਨ੍ਹਾਂ ਪ੍ਰਦੇਸ਼ ਕਾਂਗਰਸ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਉਹ ਉਨ੍ਹਾਂ ਚੋਰਾਂ ਨੂੰ ਬਚਾਉਣ ਦੀ ਜ਼ਿੰਮੇਵਾਰੀ ਕਿਉਂ ਚੁੱਕ ਰਹੇ ਹਨ ਜਿਨ੍ਹਾਂ ਦੇ ਕਾਰਨ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ 1.50 ਲੱਖ ਵਿਦਿਆਰਥੀ ਘੱਟ ਗਏ ਹਨ।