ਸੀਚੇਵਾਲ ਤੋਂ ‘ਚਿੱਟਾ ਮੁਕਤ ਪਿੰਡ’ ਮੁਹਿੰਮ ਦਾ ਆਗਾਜ਼
ਸੰਸਦ ਮੈਂਬਰ ਸੀਚੇਵਾਲ ਨੇ ਨਸ਼ਿਆਂ ਖ਼ਿਲਾਫ਼ ਸਮਾਜਿਕ ਭਾਗੀਦਾਰੀ ਦਾ ਸੱਦਾ ਦਿੱਤਾ
ਪਿੰਡ ਸੀਚੇਵਾਲ ਤੋਂ ਅੱਜ ‘ਚਿੱਟਾ ਮੁਕਤ ਪਿੰਡ’ ਮੁਹਿੰਮ ਸ਼ੁਰੂ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਸ਼ਿਆਂ ਖ਼ਿਲਾਫ਼ ਸਮਾਜਿਕ ਭਾਗੀਦਾਰੀ ਦਾ ਸੱਦਾ ਦਿੱਤਾ। ਨਿਰਮਲ ਕੁਟੀਆ ਸੀਚੇਵਾਲ ਵਿੱਚ ਹੋਏ ਵੱਡੇ ਇਕੱਠ ’ਚ ਲਗਪਗ 32 ਪਿੰਡਾਂ ਦੇ ਸਰਪੰਚਾਂ, ਪੰਚਾਂ, ਮੋਹਤਬਰਾਂ ਅਤੇ ਪੁਲੀਸ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਾਂਝੀ ਲੜਾਈ ਲੜਨ ਦਾ ਅਹਿਦ ਲਿਆ। ਇਸ ਮੌਕੇ ਸ੍ਰੀ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਬਚਾਉਣ ਲਈ ਸਮਾਜ ਨੂੰ ਵੀ ਖ਼ੁਦ ਅੱਗੇ ਆਉਣਾ ਪਵੇਗਾ। ਨਸ਼ਾ ਖ਼ਰੀਦਣ ਅਤੇ ਵੇਚਣ ਵਾਲਿਆਂ ਦੀ ਆਪਸੀ ਕੜੀ ਤੋੜਨ ਨਾਲ ਹੀ ਚਿੱਟੇ ਵਰਗੇ ਮਾਰੂ ਨਸ਼ੇ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਆਦੀ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਇ ਉਨ੍ਹਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਉਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਵੀ ਹਰ ਪਿੰਡ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਹਰ ਪਿੰਡ ਵਿੱਚ ਠੀਕਰੀ ਪਹਿਰੇ ਲਾਉਣ, ਸੀ ਸੀ ਟੀ ਵੀ ਨਿਗਰਾਨੀ, ਸ਼ੱਕੀ ਵਿਅਕਤੀਆਂ ਦੀ ਸੂਚਨਾ ਅਤੇ ਪਿੰਡਾਂ ਦੀਆਂ ਪੰਚਾਇਤਾਂ ਦਰਮਿਆਨ ਆਪਸੀ ਸੰਪਰਕ ’ਤੇ ਜ਼ੋਰ ਦਿੱਤਾ। ਬਾਬਾ ਗੁਰਮੇਜ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਨਸ਼ਿਆਂ ਦੀ ਹੈ ਅਤੇ ਇਸ ਦਾ ਹੱਲ ਲੋਕਾਂ ਅਤੇ ਪੁਲੀਸ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਇਸ ਮੌਕੇ ਐੱਸ ਪੀ (ਡੀ) ਧੀਰੇਂਦਰ ਵਰਮਾ, ਥਾਣਾ ਲੋਹੀਆਂ ਦੇ ਐੱਸ ਐੱਚ ਓ ਸੁਖਜਿੰਦਰ ਖੈੜਾ, ਸੰਤ ਸੁਖਜੀਤ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ, ਸਰਪੰਚ ਬੂਟਾ ਸਿੰਘ, ਦਇਆ ਸਿੰਘ, ਸੂਬਾ ਸਿੰਘ ਚੱਕ ਚੇਲਾ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਤੇ ਪੰਚ ਆਦਿ ਹਾਜ਼ਰ ਸਨ।

