ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਨਵੰਬਰ
ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਪਾਕਿਸਤਾਨ ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ’ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਚੁੱਪ ’ਤੇ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਉਥੋਂ ਦੇ ਇੱਕ ਗੁਰਦੁਆਰੇ ਵਿੱਚ ਵਾਪਰੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਨਾ ਸਿਰਫ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕੀਤਾ ਹੈ, ਸਗੋਂ ਗੋਲਕ ਵਿੱਚੋਂ ਮਾਇਆ ਵੀ ਚੋਰੀ ਕਰ ਲਈ ਗਈ ਹੈ। ਚੁੱਘ ਨੇ ਸਵਾਲ ਕੀਤਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਦੋਸਤ ਅਤੇ ਵੱਡਾ ਭਰਾ ਦੱਸਣ ਵਾਲੇ ਨਵਜੋਤ ਸਿੰਘ ਸਿੱਧੂ ਇਸ ਮੁੱਦੇ ’ਤੇ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਸਬੰਧੀ ਉਥੋਂ ਦੇ ਫੌਜ ਮੁਖੀ ਨਾਲ ਗੱਲ ਕਰਨੀ ਚਾਹੀਦੀ ਹੈ।