ਰਾਏਕੋਟ: ਗੁਰਦੁਆਰਾ ਟਾਹਲੀਆਣਾ ਸਾਹਿਬ ਵਿੱਚ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਪੰਜਾਬ ਕਿਸਾਨ ਯੂਨੀਅਨ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ 26 ਨਵੰਬਰ ਨੂੰ ‘ਦਿੱਲੀ ਚੱਲੋ’ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਦਾ ਫ਼ੈਸਲਾ ਲਿਆ ਗਿਆ। ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਅੱਖਾਂ ਖੋਲ੍ਹਣ ਲਈ ਹਰ ਸੂਬੇ ਵਿੱਚ ਵੱਡੇ ਇਕੱਠ ਕਰ ਕੇ ਵਰ੍ਹੇਗੰਢ ਮਨਾਈ ਜਾਵੇਗੀ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ਵਿੱਚ ਅੰਦੋਲਨ ਮੁੜ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਦੇਸ਼ ਦੇ ਸਮੁੱਚੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਮਿਲਦੀ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। -ਨਿੱਜੀ ਪੱਤਰ ਪ੍ਰੇਰਕ