ਵਿਧਾਨ ਸਭਾ ਚੋਣਾਂ ਮਾਨ ਦੀ ਅਗਵਾਈ ਹੇਠ ਲੜਾਂਗੇ: ਸਿਸੋਦੀਆ
ਕੇਂਦਰ ਸਰਕਾਰ ’ਤੇ ੲੀ ਡੀ ਤੇ ਸੀ ਬੀ ਆੲੀ ਦੀ ਦੁਰਵਰਤੋਂ ਦਾ ਦੋਸ਼
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਕਿਉਂਕਿ ਉਨ੍ਹਾਂ ਦੀ ਅਗਵਾਈ ’ਚ ਸਰਕਾਰ ਨੇ ਚੰਗੇ ਕੰਮ ਕੀਤੇ ਹਨ।
ਉਨ੍ਹਾਂ ਅੱਜ ਇਥੇ ਵਿਸ਼ਵਕਰਮਾ ਮੰਦਰ ’ਚ ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਚੰਗੀ ਕਾਰਗੁਜ਼ਾਰੀ ਕੀਤੀ ਹੈ, ਜਿਸ ਸਦਕਾ ਉਹ ਦੇਸ਼ ਦੇ ਚਰਚਿਤ ਮੁੱਖ ਮੰਤਰੀ ਹਨ। ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਕੂਲ ਸਿੱਖਿਆ ਦੇ ਸੁਧਾਰ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ’ਚ ਕੋਈ ਵੀ ਸਕੂਲ ਅਜਿਹਾ ਨਹੀਂ, ਜਿਸ ਦੀ ਹਾਲਤ ਨਾ ਸੁਧਰੀ ਹੋਵੇ ਤੇ ਸਿੱਖਿਆ ਦੇ ਸੁਧਾਰ ਲਈ ਅਧਿਆਪਕ ਵਿਦੇਸ਼ਾਂ ’ਚ ਸਿਖਲਾਈ ਲਈ ਭੇਜੇ ਜਾ ਰਹੇ ਹਨ।
ਪੰਜਾਬ ਦੀ ਸਨਅਤ ਨੂੰ ਮਜ਼ਬੂਤ ਕਰਨ ਲਗਾਤਾਰ ਕੰਮ ਹੋ ਰਿਹਾ ਹੈ ਤੇ ਜਲਦ ਹੀ ਸਨਅਤ ’ਚ ਵੱਡੇ ਪੱਧਰ ’ਤੇ ਵਿਕਾਸ ਦੇਖਣ ਨੂੰ ਮਿਲੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਬੇਰੁਜ਼ਗਾਰੀ, ਸਿਹਤ ਤੇ ਸਿੱਖਿਆ ਬਾਰੇ ਕੋਈ ਵੀ ਪ੍ਰੋਗਰਾਮ ਨਹੀਂ ਹੈ।
ਕੇਂਦਰ ਸਿਰਫ਼ ਈ ਡੀ ਤੇ ਸੀ ਬੀ ਆਈ ਦੀ ਦੁਰਵਰਤੋਂ ਕਰ ਕੇ ਆਪਣੀ ਕਿੜ ਕੱਢਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਿਸ਼ਵਕਰਮਾ ਮੰਦਰ ’ਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਮੰਤਰੀ ਜੋਗਿੰਦਰ ਮਾਨ, ਹਲਕਾ ਇੰਚਾਰਜ ਹਰਨੂਰ ਸਿੰਘ ਮਾਨ, ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਉਨ੍ਹਾਂ ਦਾ ਪੁੱਜਣ ’ਤੇ ਸਵਾਗਤ ਕੀਤਾ।
ਅਕਾਲੀ ਦਲ-ਭਾਜਪਾ ਗੱਠਜੋੜ ਦਾ ਕੋਈ ਨਹੀਂ ਹੋਣਾ: ਸਿਸੋਦੀਆ
ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਚੋਣ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦਾ ਨਾਮ ਸੁਣਨਾ ਵੀ ਪਸੰਦ ਨਹੀਂ ਕਰਦੇ ਤੇ ਜੇਕਰ ਇਨ੍ਹਾਂ ਦਾ ਸਮਝੌਤਾ ਹੋ ਵੀ ਜਾਵੇਗਾ ਤਾਂ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਗਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਗੱਠਜੋੜ ਦਾ ਕੋਈ ਲਾਭ ਨਹੀਂ ਹੋਵੇਗਾ।