ਨਸ਼ਿਆਂ ਦੇ ਖਾਤਮੇ ਲਈ ਟਾਸਕ ਫੋਰਸ ਬਣਾਵਾਂਗੇ: ਹਰਸਿਮਰਤ
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਨੇ ਨਸ਼ਿਆਂ ਦੇ ਮਾਮਲੇ ’ਤੇ ‘ਆਪ’ ਸਰਕਾਰ ਨੂੰ ਘੇਰਿਆ
ਇਸਤਰੀ ਅਕਾਲੀ ਦਲ ਵੱਲੋਂ ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਇਕਜੁੱਟ ਕਰਨ ਲਈ ਕੀਤੇ ਜਾ ਰਹੇ ਮਾਵਾਂ-ਧੀਆਂ ਇਨਸਾਫ਼ ਯਾਤਰਾ ਪ੍ਰੋਗਰਾਮਾਂ ਦੀ ਲੜੀ ਤਹਿਤ ਹਲਕੇ ਦੇ ਪਿੰਡ ਢੀਮਾਂਵਾਲੀ ਵਿੱਚ ਵੱਡਾ ਸਮਾਗਮ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਨਸ਼ੇ ਦੇ ਕਾਰੋਬਾਰੀਆਂ ਦੀਆਂ ਸੂਚੀਆਂ ਡੀ ਜੀ ਪੀ ਨੂੰ ਕਾਰਵਾਈ ਲਈ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਚੀਆਂ ਦੇ ਆਧਾਰ ’ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਅਤੇ ਨੇਤਾਵਾਂ ਖ਼ਿਲਾਫ਼ ਕਾਰਵਾਈ ਕਰ ਕੇ ਨਸ਼ੇ ਖਤਮ ਕਰਨ ਲਈ ਮਹਿਲਾ ਡੀ ਜੀ ਪੀ ਦੀ ਨਿਰਗਾਨੀ ਹੇਠ ਵਿਸ਼ੇਸ਼ ਟਾਕਸ ਫੋਰਸ ਬਣਾਈ ਜਾਵੇਗੀ।
ਇਸ ਤੋਂ ਪਹਿਲਾਂ ਹਲਕਾ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਸਤਰੀ ਅਕਾਲੀ ਦਲ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਵੀ ਹਰਸਿਮਰਤ ਕੌਰ ਬਾਦਲ ਦੇ ਹਰੇਕ ਪ੍ਰੋਗਰਾਮ ਵਿੱਚ ਅੱਗੇ ਹੋ ਕੇ ਹਿੱਸਾ ਲਵੇਗਾ।
ਹਰਸਿਮਰਤ ਬਾਦਲ ਨੇ ਕਿਹਾ ਕਿ ਹਲਕਾ ਪੱਧਰ ਦੇ ਮਹਿਲਾ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਅਜਿਹਾ ਕਾਨੂੰਨ ਲਿਆਂਦਾ ਜਾਵੇਗਾ ਕਿ ਤਸਕਰ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲ ਸਕੇ ਅਤੇ ਸਾਰੀਆਂ ਜਾਇਦਾਦਾਂ ਜ਼ਬਤ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਿਚ ਦੂਜੇ ਨੰਬਰ ’ਤੇ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀਆਂ ਉਦਾਹਰਨਾਂ ਹਨ ਜਿਨ੍ਹਾਂ ’ਚ ਪਰਿਵਾਰ ਤਿੰਨ ਤੋਂ ਪੰਜ ਪੁੱਤਰ ਨਸ਼ਿਆਂ ਕਾਰਨ ਗੁਆ ਚੁੱਕੇ ਹਨ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ ਅਤੇ ਐੱਸ ਜੀ ਪੀ ਸੀ ਮੈਂਬਰ ਗੁਰਿੰਦਰ ਕੌਰ ਭੋਲੂਵਾਲਾ ਨੇ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕੀਤਾ।

