ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਦਸੰਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਸੂਬੇ ਵਿੱਚ ਗਰੀਬਾਂ ਦੀ ਸੇਵਾ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵਾਅਦਾਖ਼ਿਲਾਫ਼ੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਲਈ ‘ਵਿਸ਼ੇਸ਼ ਮੈਡੀਕਲ ਸਿਖ਼ਲਾਈ’ ਪ੍ਰੋਗਰਾਮ ਸ਼ੁਰੂ ਕਰੇਗੀ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬਾਂ ਦੀ ਡਾਕਟਰੀ ਸੇਵਾ ਕਰਦੇ ਰਹਿਣ ਅਤੇ ਸੁਚੱਜੇ ਢੰਗ ਨਾਲ ਆਪਣਾ ਜੀਵਨ ਬਸਰ ਕਰ ਸਕਣ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਮੇਤ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਗਰੀਬ ਇਲਾਕਿਆਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਹਮੇਸ਼ਾਂ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2012 ਵਿੱਚ ਅਕਾਲੀ ਦਲ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਪੱਧਰ ’ਤੇ ਰਜਿਸਟਰਡ ਕਰਕੇ ਸਿਹਤ ਸੇਵਾਵਾਂ ਜਾਰੀ ਰੱਖਣ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ। ਇਸੇ ਤਰ੍ਹਾਂ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾ ਸਮੇਂ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ।