ਦਵਿੰਦਰ ਪਾਲ
ਚੰਡੀਗੜ੍ਹ, 19 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਇਪੇਰੀਅਨ ਸਿਧਾਂਤਾਂ ਸਬੰਧੀ ਨਿਰੰਤਰ ਤੇ ਸਿਧਾਂਤਕ ਸਟੈਂਡ ਬਾਰੇ ਕੋਈ ਵੀ ਸਮਝੌਤਾ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਾਬਕਾ ਸਰਕਾਰ ਵੱਲੋਂ ਇਸ ਨਹਿਰ ਵਾਸਤੇ ਗ੍ਰਹਿਣ ਕੀਤੀ ਜ਼ਮੀਨ ਇਸ ਦੇ ਅਸਲ ਮਾਲਕ ਕਿਸਾਨਾਂ ਨੂੰ ਵਾਪਸ ਦੇਣ ਮਗਰੋਂ ਇਹ ਮਾਮਲਾ ਹਮੇਸ਼ਾ ਲਈ ਬੰਦ ਹੋ ਗਿਆ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਸਮੇਂ ਦੀਆਂ ਕਾਂਗਰਸੀ ਸਰਕਾਰਾਂ ਤੇ ਖ਼ਾਸ ਤੌਰ ’ਤੇ ਇੰਦਰਾ ਗਾਂਧੀ ਵੱਲੋਂ ਕੀਤੇ ਅਨਿਆਂ ਬਾਰੇ ਦੱਸ ਦੇਣਾ ਚਾਹੀਦਾ ਸੀ ਕਿ ਕਿਵੇਂ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਗਈ। ਸ੍ਰੀ ਬਾਦਲ ਨੇ ਮੁੜ ਦੁਹਰਾਇਆ ਕਿ ਪੰਜਾਬੀ ਅਤੇ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਸਮੇਂ ਪੇਸ਼ ਕੀਤੀਆਂ ਦਲੀਲਾਂ ਤੋਂ ਪੰਜਾਬੀ ਹੈਰਾਨ ਹਨ ਕਿਉਂਕਿ ਇਹ ਰਾਇਪੇਰੀਅਨ ਸਿਧਾਂਤ ’ਤੇ ਪੰਜਾਬ ਦੇ ਸਟੈਂਡ ਤੋਂ ਥਿੜਕਣ ਵਾਲੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੇ ਖ਼ਤਰਨਾਕ ਬਿਰਤਾਂਤ ਨੂੰ ਦਰੁਸਤ ਕਰਨ, ਜੋ ਉਨ੍ਹਾਂ ਨੇ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਪੇਸ਼ ਕਰਨ ਵੇਲੇ ਆਪਣੀ ਯਮੁਨਾ ਵਾਲੀ ਦਲੀਲ ਨਾਲ ਦਿੱਤਾ ਹੈ ਜਾਂ ਫਿਰ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ।