ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਨਹੀਂ ਕਰਨ ਦਿਆਂਗੇ: ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਮੋਗਾ ’ਚ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਜਪਾ ’ਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਦੇ ਛਾਪੇ ਦੀ ਨਿਖ਼ੇਧੀ ਕੀਤੀ। ਉਨ੍ਹਾਂ ਆਖਿਆ ਕਿ ਸ੍ਰੀ ਗਿੱਲ ’ਤੇ ‘ਆਪ’ ’ਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਜੀਲੈਂਸ ਵਰਗੀ ਨਿਰਪੱਖ ਜਾਂਚ ਏਜੰਸੀ ਦੀ ਦੁਰਵਰਤੋਂ ਕਰ ਰਹੀ ਹੈ। ਅਸ਼ਵਨੀ ਸ਼ਰਮਾ ਨੇ ਇਥੇ ਜ਼ਿਲ੍ਹਾ ਭਾਜਪਾ ਦਫ਼ਤਰ ਦੀ ਆਲੀਸ਼ਾਨ ਇਮਾਰਤ ਦਾ ਉਦਘਾਟਨ ਕਰ ਕੀਤਾ ਅਤੇ ਮਿਸ਼ਨ-2027 ਦੀ ਸ਼ੁਰੂਆਤ ਮੋਗਾ ਦੀ ਧਰਤੀ ਤੋਂ ਕਰਦਿਆਂ ਵਰਕਰਾਂ ਦੀ ਰੈਲੀ ਕੀਤੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਵਧ ਰਹੀ ਹੈ ਜੋ ਸਾਡੇ ਲੋਕਤੰਤਰ ਲਈ ਚੰਗਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਅਤੇ ਜਮਹੂਰੀ ਕਦਰਾਂ-ਕੀਮਤਾਂ ਖ਼ਤਰੇ ਵਿੱਚ ਹਨ ਪਰ ਭਾਜਪਾ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਸਰਕਾਰ ਨੂੰ ਕਬਜ਼ਾ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਭਾਜਪਾ ਸਰਕਾਰ 24 ਫ਼ਸਲਾਂ ’ਤੇ ਐੱਮਐੱਸਪੀ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਹਿੰਦੂ-ਸਿੱਖ ਭਾਈਚਾਰਕ ਸਾਂਝ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਬਹੁਤ ਮਾੜੇ ਹਨ। ਦਿਨ ਦਿਹਾੜੇ ਕਤਲ ਹੋ ਰਹੇ, ਲੁੱਟਾਂ ਹੋ ਰਹੀਆਂ ਹਨ, ਫਿਰੌਤੀ ਮੰਗਣ ਵਾਲਿਆਂ ਨੂੰ ਰੋਕਿਆ ਨਹੀਂ ਜਾਂਦਾ ਸਗੋਂ ਪੁਲੀਸ ਨਾਲ ਮਿਲ ਸੈਟਿੰਗ ਕਰਵਾਈ ਜਾਂਦੀ ਹੈ। ਬੇਅਦਬੀ ਦੇ ਨਾਮ ’ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਸੂਬੇ ਵਿਚ ਭਾਜਪਾ ਸਰਕਾਰ ਬਣਨ ਉੱਤੇ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੂਬੇ ਦੇ ਲੋਕ ਸਾਰਾ ਕੁਝ ਵੇਖ ਰਹੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਹ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਦੇ ਸਵਾਲ ਉੱਤੇ ਚੁੱਪ ਵੱਟਦਿਆਂ ਆਖਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸੂਬੇ ਦੇ 117 ਹਲਕਿਆਂ ਲਈ ਭਾਜਪਾ ਦੀ ਤਿਆਰੀ ਹੈ। ਇਸ ਦੇ ਚਲਦੇ ਪਾਰਟੀ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਨੂੰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਰਾਹ ’ਤੇ ਭਾਜਪਾ ਹੀ ਲਿਆ ਸਕਦੀ ਹੈ। ਇਸ ਮੌਕੇ ਡੀਜੀਪੀ ਪੀਐੱਸ ਗਿੱਲ, ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਨਿਧੜਕ ਸਿੰਘ ਬਰਾੜ, ਸਾਬਕਾ ਵਿਧਾਇਕ ਹਰਜੋਤ ਕਮਲ, ਸ੍ਰੀ ਨਿਵਾਸਨ ਤੇ ਹੋਰ ਹਾਜ਼ਰ ਸਨ।