ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਾਰਚ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਬੁਲਾਰੇ ਬੀਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਠੱਗਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਨਿਰਦੇਸ਼ਨਾ ਹੇਠ ਮੁੜ ਤੋਂ ‘ਕੁਫਰ ਦਾ ਨਾਟਕ’ ਖੇਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਪੰਜਾਬ ਲਈ ਤਬਾਹਕੁਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਠ ਦੀ ਹਾਂਡੀ ਇੱਕੋ ਵਾਰ ਚੜ੍ਹਦੀ ਹੈ ਤੇ ਕੈਪਟਨ ਅਮਰਿੰਦਰ ਸਿੰਘ ਸਹੁੰ ਖਾ ਕੇ ਅਤੇ ਝੂਠੇ ਵਾਅਦੇ ਕਰ ਕੇ ਇੱਕ ਵਾਰੀ ਤਾਂ ਪੰਜਾਬ ਦੇ ਲੋਕਾਂ ਨੂੰ ਠੱਗ ਚੁੱਕੇ ਹਨ ਪਰ ਇਸ ਵਾਰੀ ਪੰਜਾਬੀਆਂ ਵੱਲੋਂ ਪ੍ਰਸ਼ਾਂਤ ਕਿਸ਼ੋਰ ਦੇ ‘ਕੁਫਰ ਦੇ ਨਾਟਕ’ ਦਾ ਮੰਚਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 84 ਫ਼ੀਸਦੀ ਵਾਅਦੇ ਪੂਰੇ ਕਰਨ ਦੇ ਦਾਅਵੇ ਤਾਂ ਕਰਦੇ ਹਨ ਪਰ ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ’ਚ ਕੀਤੇ ਵਾਅਦਿਆਂ ਮੁਤਾਬਕ ਨਾ ਤਾਂ ਕਿਸਾਨੀ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਤੇ ਨਾ ਹੀ ਹਰ ਘਰ ਰੁਜ਼ਗਾਰ ਮਿਲਿਆ ਹੈ।