ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਕੋਈ ਵੀ ਬੰਦਾ ਸ੍ਰੀ ਦਰਬਾਰ ਸਾਹਿਬ ਵੱਲ ਮਾੜੀ ਨਜ਼ਰ ਨਾਲ ਨਹੀਂ ਦੇਖ ਸਕਦਾ। ਪੰਜਾਬ ਪੁਲੀਸ ਵੱਲੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ ਤੇ ਸਰਕਾਰ ਵੱਲੋਂ ਸਾਰੇ ਠੋਸ ਪ੍ਰਬੰਧ ਕੀਤੇ ਗਏ ਹਨ। ਉਹ ਇੱਥੇ ਇੱਕ ਕਾਲਜ ਦੇ ਸਮਾਗਮ ’ਚ ਸ਼ਿਰਕਤ ਕਰਨ ਆਏ ਸਨ। ਚੀਮਾ ਨੇ ਕਿਹਾ, ‘‘ਪੰਜਾਬ ਦੇ ਕੁਝ ਸ਼ਰਾਰਤੀ ਅਨਸਰ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਪੰਜਾਬ ’ਚ ਨਫ਼ਰਤ ਦੇ ਬੀਜ ਬੀਜਣਾ ਚਾਹੁੰਦੇ ਹਨ।
ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਪੁਲੀਸ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗੀ।’’ ਮਜੀਠੀਆ ਨੂੰ ਮੁੜ ਨਿਆਂਇਕ ਹਿਰਾਸਤ ’ਚ ਭੇਜੇ ਜਾਣ ’ਤੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਸਮੇਂ ਅਦਾਲਤੀ ਕਾਰਵਾਈ ਚੱਲ ਰਹੀ ਹੈ। ਵਿਜੀਲੈਂਸ ਲਗਾਤਾਰ ਜਾਂਚ ਕਰ ਰਹੀ ਹੈ ਤੇ ਜਲਦੀ ਹੀ ਅਦਾਲਤ ’ਚ ਚਾਰਜਸ਼ੀਟ ਪੇਸ਼ ਕੀਤੀ ਜਾਵੇਗੀ।
ਹਰ ਧਰਮ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦੈ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਹਰ ਧਰਮ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦਾ ਹੈ ਤੇ ਇਸ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੈ। ਇਥੇ ਹੋਲੀ ਟ੍ਰਿਨਿਟੀ ਚਰਚ ’ਚ ਡਾਇਸਸ ਆਫ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤੀ ਸਮਾਗਮ ਮੌਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਪੈਗੰਬਰਾਂ ਤੇ ਸੰਤਾਂ ਦੀ ਧਰਤੀ ਹੈ, ਜੋ ਹਰ ਢੰਗ ਨਾਲ ਈਸ਼ਵਰ ਨੂੰ ਮੰਨਣ ਵਾਲਿਆਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਬਿਸ਼ਪ ਡਾ. ਜੋਸ ਸਬੈਸਟੀਅਨ ਦੀ ਅਗਵਾਈ ਹੇਠ ਇਸਾਈ ਭਾਈਚਾਰਾ ਸਮਾਜ ਸੇਵਾ ਤੇ ਮਨੁੱਖਤਾ ਦੀ ਸੇਵਾ ਕਰਦਾ ਰਹੇਗਾ।