ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਨਵੰਬਰ
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਸਥਾਨਕ ਦਫ਼ਤਰ ਵਿੱਚ ਕਿਸਾਨਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸਾਨ ਮੋਰਚਿਆਂ ’ਤੇ ਡਟੇ ਰਹਿਣਗੇ। ਉਨ੍ਹਾਂ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ਨੂੰ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਵੀ ਤੁਰੰਤ ਪੂਰੀਆਂ ਕਰੇ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ 26 ਨਵੰਬਰ ਨੂੰ ਵੱਧ ਤੋਂ ਵੱਧ ਗਿਣਤੀ ’ਚ ਮੋਰਚਿਆਂ ਵਿੱਚ ਪੁੱਜਣ ਦਾ ਸੱਦਾ ਦਿੱਤਾ। ਸਭਾ ਦੇ ਸੂਬਾ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਏਕੇ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਤੇ ਜਿੱਤ ਦੀਆਂ ਖੁਸ਼ੀਆਂ ਨੂੰ ਘਰ-ਘਰ ਲੈ ਕੇ ਜਾਇਆ ਜਾਵੇਗਾ ਅਤੇ ਪੂੰਜੀਪਤੀ ਘਰਾਣਿਆਂ ਦੀ ਲੁੱਟ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ। ਮੀਟਿੰਗ ਨੂੰ ਧਰਮਿੰਦਰ ਸਿੰਘ ਮੁਕੇਰੀਆਂ, ਜਗੀਰ ਸਿੰਘ ਗੰਢੀਵਿੰਡ, ਕੁਲਵੰਤ ਸਿੰਘ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਖੁਸ਼ਪ੍ਰੀਤ ਸਿੰਘ ਕਲਾਨੌਰ ਨੇ ਸੰਬੋਧਨ ਕੀਤਾ।