DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਖ਼ਿਲਾਫ਼ ਸਬੂਤ ਅਦਾਲਤ ਵਿੱਚ ਪੇਸ਼ ਕਰਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਘੇਰਿਅਾ; ‘ਯੁੱਧ ਨਸ਼ਿਅਾਂ ਵਿਰੁੱਧ’ ਮੁਹਿੰਮ ਦੇ ਅੰਤਿਮ ਪਡ਼ਾਅ ਲਈ ਡਿਫੈਂਸ ਕਮੇਟੀਆਂ ਬਣਾਈਅਾਂ
  • fb
  • twitter
  • whatsapp
  • whatsapp
featured-img featured-img
ਲੁਧਿਆਣਾ ’ਚ ਨਸ਼ਾ ਮੁਕਤੀ ਯਾਤਰਾ ਦੇ ਕੋਆਰਡੀਨੇਟਰਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ। -ਫੋਟੋ: ਅਸ਼ਵਨੀ ਧੀਮਾਨ
Advertisement

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਪੜਾਅ ਲਈ ਪਿੰਡਾਂ ਤੇ ਸ਼ਹਿਰਾਂ ’ਚ ਬਣਾਈਆਂ ਡਿਫੈਂਸ ਕਮੇਟੀਆਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਾਖਤੀ ਕਾਰਡ ਜਾਰੀ ਕੀਤੇ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾ ਵਿੱਚ ਹੁੰਦਿਆਂ ਇਹ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ’ਤੇ ਪਰਦਾ ਪਾਉਂਦੀਆਂ ਰਹੀਆਂ ਹਨ। ਉਨ੍ਹਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਮੁੜ ਚੁਣੌਤੀ ਦਿੱਤੀ ਕਿ ਪੰਜਾਬ ਵਾਸੀਆਂ ਨੂੰ ਸਪੱਸ਼ਟ ਕੀਤਾ ਜਾਵੇ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ ਹਨ? ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਵਿਰੁੱਧ ਅਹਿਮ ਸਬੂਤ ਮਿਲੇ ਹਨ, ਜੋ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ। ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਕਾਇਮ ਕਰਨ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਲਗਪਗ ਟੁੱਟ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਚਾਰ ਮੈਂਬਰੀਂ ਕਮੇਟੀ ਕਰੇਗੀ, ਜਿਨ੍ਹਾਂ ਵਿੱਚ ਪਿੰਡ ਦਾ ਸਰਪੰਚ ਜਾਂ ਵਾਰਡ ਦਾ ਕੌਂਸਲਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੈਂਬਰ, ਬੀਡੀਪੀਓ ਜਾਂ ਨੁਮਾਇੰਦਾ ਅਤੇ ਐੱਸਐੱਚਓ ਜਾਂ ਨੁਮਾਇੰਦਾ ਸ਼ਾਮਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ ਆਬਾਦੀ ਦੇ ਹਿਸਾਬ ਨਾਲ 10 ਤੋਂ 20 ਮੈਂਬਰ ਹੋਣਗੇ। ਇਨ੍ਹਾਂ ਡਿਫੈਂਸ ਕਮੇਟੀਆਂ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਕੰਮ ਕਰ ਰਹੇ ਸਾਫ ਸੁਥਰੇ ਅਕਸ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਸੇਵਾ-ਮੁਕਤ ਫੌਜੀਆਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਸਬੰਧਤ ਇਲਾਕੇ ਦੇ ਐੱਸਡੀਐੱਮ ਵੱਲੋਂ ਨੋਟੀਫਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ ਤਾਂ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਇਤਲਾਹ ਦੇਣ ਜਾਂ ਨਸ਼ਿਆਂ ਦੀ ਰੋਕਥਾਮ ਬਾਰੇ ਹੋਰ ਸਰਗਰਮੀਆਂ ਕਰਵਾਉਣ ਬਾਰੇ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਜਾਂ ਵਾਰਡ ਵਿੱਚ 24 ਘੰਟੇ ਨਿਗਰਾਨੀ ਰੱਖੀ ਜਾਵੇਗੀ ਤਾਂ ਕਿ ਕੋਈ ਤਸਕਰ ਨਸ਼ਾ ਵੇਚਣ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਮੈਂਬਰ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਵੀ ਪੀੜਤਾਂ ਦੀ ਮਦਦ ਕਰਨਗੇ ਅਤੇ ਨਸ਼ਾ ਛੱਡਣ ਵਾਲਿਆਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 100 ਫੀਸਦੀ ਨਸ਼ਾ ਮੁਕਤ ਹੋਣ ਦਾ ਟੀਚਾ ਹਾਸਲ ਕਰਨ ਵਾਲੇ ਪਿੰਡ ਜਾਂ ਵਾਰਡ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦਿੱਤੀ ਜਾਵੇਗੀ ਅਤੇ ਇਸ ਪਿੰਡ ਜਾਂ ਵਾਰਡ ਦੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸੰਸਾ ਪੱਤਰ ਵੀ ਜਾਰੀ ਕੀਤੇ ਜਾਣਗੇ।

Advertisement

‘ਵੀਹ ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਦੀ ਹੋਵੇਗੀ ਮੁਰੰਮਤ’

ਇਕ ਹੋਰ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਸੂਬੇ ਵਿੱਚ 20 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿਆਪਕ ਪੱਧਰ ਉੱਤੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉੱਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 55000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
×