ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੀ ਹਰ ਮਦਦ ਕਰਾਂਗਾ: ਸੈਣੀ
ਜੋਗਿੰਦਰ ਸਿੰਘ ਮਾਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਘੱਗਰ ਦੇ ਚਾਂਦਪੁਰਾ ਸਾਈਫ਼ਨ ਅਤੇ ਮੀਂਹ ਕਾਰਨ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ, ਕਿਸਾਨਾਂ ਨਾਲ ਗੱਲਬਾਤ ਕਰ ਕੇ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ।
ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਹੜ੍ਹਾਂ ਅਤੇ ਮੀਂਹ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਸਬੰਧੀ ਇੱਕ ਪੋਰਟਲ ਖੋਲ੍ਹਿਆ ਹੈ, ਜਿਸ ’ਤੇ ਕਿਸਾਨ ਆਪਣੀ ਖ਼ਰਾਬ ਜਾਂ ਨੁਕਸਾਨੀ ਫ਼ਸਲ ਦਾ ਵੇਰਵਾ ਦੇ ਸਕਦੇ ਹਨ। ਸ੍ਰੀ ਸੈਣੀ ਨੇ ਕਿਹਾ ਕਿ ਹੁਣ ਤੱਕ ਇਸ ਪੋਰਟਲ ’ਤੇ ਹਰਿਆਣਾ ’ਚ ਇੱਕ ਲੱਖ 70 ਹਜ਼ਾਰ ਏਕੜ ਫ਼ਸਲਾਂ ਦੇ ਹੋਏ ਨੁਕਸਾਨ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਸ੍ਰੀ ਸੈਣੀ ਨੇ ਕਿਹਾ ਕਿ ਮੀਂਹਾਂ ਨਾਲ ਜਿਨ੍ਹਾਂ ਲੋਕਾਂ ਦੇ ਮਕਾਨ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਸਹਾਇਤਾ ਦਿੱਤੀ ਜਾਵੇਗੀ। ਇਸ ਲਈ ਆਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿਨ੍ਹਾਂ ਘਰਾਂ ਦਾ ਮੀਂਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ, ਹੁਣ ਤੱਕ 80 ਤੋਂ ਜ਼ਿਆਦਾ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਚੁੱਕੇ ਹਨ ਅਤੇ ਅੱਜ ਵੀ 25 ਟਰੱਕ ਹੋਰ ਰਵਾਨਾ ਕੀਤੇ ਗਏ ਹਨ। ਉਨ੍ਹਾਂ ਐਤਵਾਰ ਨੂੰ ਚਾਂਦਪੁਰਾ ਅਤੇ ਹੋਰ ਮੀਂਹਾਂ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਅਧਿਕਾਰੀਆਂ ਨੂੰ ਰਾਹਤ ਅਤੇ ਜਲ ਨਿਕਾਸੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।