ਗਗਨਦੀਪ ਅਰੋੜਾ
ਲੁਧਿਆਣਾ, 15 ਫਰਵਰੀ
ਇਥੇ ਪੁੱਜੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੇ ਮੁੱਦੇ ’ਤੇ ‘ਆਪ’ ਦਾ ਸਟੈਂਡ ਸਪਸ਼ਟ ਨਹੀਂ ਕੀਤਾ। ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਐੱਸਵਾਈਐੱਲ ਦੇ ਮੁੱਦੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ, ਇਸ ਮੁੱਦੇ ਦਾ ਹੱਲ ਜਾਂ ਤਾਂ ਅਦਾਲਤ ਵਿੱਚ ਨਿਕਲੇਗਾ ਜਾਂ ਫਿਰ ਆਪਸ ਵਿੱਚ ਬੈਠ ਕੇ। ਹਰ ਵਾਰ ਚੋਣਾਂ ਵਿੱਚ ਇਸ ਮੁੱਦੇ ਨੂੰ ਚੁੱਕਣ ਨਾਲ ਇਹ ਹੱਲ ਨਹੀਂ ਹੋਣ ਵਾਲਾ। ਟਿਕਟ ਵੇਚਣ ਦੇ ਲਗਾਏ ਗਏ ਦੋਸ਼ਾਂ ’ਤੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੈਸੇ ਲੈ ਕੇ ਟਿਕਟਾਂ ਦੀ ਵੰਡ ਕਰਨ ਦਾ ਕੋਈ ਸਬੂਤ ਮਿਲੇਗਾ ਤਾਂ ਉਸੇ ਵੇਲੇ ਸਬੰਧਤ ਉਮੀਦਵਾਰ ਦੀ ਟਿਕਟ ਖਾਰਜ ਕਰ ਦਿੱਤੀ ਜਾਵੇਗੀ। ਪੱਤਰਕਾਰ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਦੀ ਸੁਰੱਖਿਆ ਲਈ ਮਜ਼ਬੂਤ ਸਰਕਾਰ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਥੇ ਨਸ਼ਾ ਵੀ ਸਰਹੱਦ ਪਾਰੋਂ ਆਉਂਦਾ ਹੈ। ਸਰਹੱਦ ਪਾਰੋਂ ਡਰੋਨ ਤੇ ਟਿਫ਼ਨ ਬੰਬ ਆਏ ਹਨ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਜੋ ਬੰਬ ਧਮਾਕਾ ਹੋਇਆ ਸੀ, ਉਸ ਵਿੱਚ ਵੀ ਸਰਹੱਦ ਪਾਰੋਂ ਆਏ ਆਰਡੀਐੱਕਸ ਦੀ ਵਰਤੋਂ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਭ੍ਰਿਸ਼ਟ ਅਧਿਕਾਰੀਆਂ ਤੇ ਸਿਆਸਤਦਾਨਾਂ ਕਾਰਨ ਹੋ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਪੰਜਾਬ ਸਰਕਾਰ ਦੋਵੇਂ ਹੀ ਸੁਰੱਖਿਆ ਦੇ ਮੁੱਦੇ ’ਤੇ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਹਰੇਕ ਵਸਨੀਕ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਚੰਨੀ, ਸਿੱਧੂ ਤੇ ਮਜੀਠੀਆ ਸਾਰੇ ਹਾਰਨਗੇ: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਹਾਰ ਰਹੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਪੂਰਬੀ ਤੋਂ ਵੀ ‘ਆਪ’ ਸੀਟ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੋਵੇਂ ਬੁਰੀ ਤਰ੍ਹਾਂ ਹਾਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਇੱਕ ਵਾਰ ਨਹੀਂ ਸਗੋਂ ਤਿੰਨ ਵਾਰ ਸਰਵੇਖਣ ਕਰਵਾਇਆ ਗਿਆ ਹੈ।
ਵਪਾਰੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
ਧੂਰੀ (ਪਵਨ ਕੁਮਾਰ ਵਰਮਾ): ਸਥਾਨਕ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਰੱਖੀ ਗਈ ਇੱਕ ਮਿਲਣੀ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ, ਆੜ੍ਹਤੀਆਂ ਤੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਨਣ ਤੇ ਪੰਜਾਬ ਦੇ ਹਰ ਜਾਤ ਤੇ ਧਰਮ ਦੇ ਲੋਕਾਂ ਨੂੰ ਬਰਾਬਰ ਅਧਿਕਾਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਵਪਾਰੀਆਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚੋਂ ਇੰਸੈਪਕਟਰੀ ਰਾਜ, ਰੇਡ ਰਾਜ, ਗੁੰਡਾ ਟੈਕਸ ਬਿਲਕੁਲ ਖ਼ਤਮ ਕਰ ਦਿੱਤੇ ਜਾਣਗੇ।