ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ ਅਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਕਿਸਾਨਾਂ ਦੇ ਹਰੇਕ ਸੰਘਰਸ਼ ਵਿੱਚ ਸਾਥ ਦਿੱਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿੱਚ ਸ਼ਿਰਕਤ ਕਰਨਗੇ ਤਾਂਕਿ ਦਿੱਲੀ ਵਿੱਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਫ਼ੈਸਲੇ ਤਹਿਤ ਪਾਰਟੀ ਵਰਕਰ ਵੀ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਜਾਣਗੇ।