ਨਵੇਂ ਅਕਾਲੀ ਦਲ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਕਰਾਂਗੇ: ਚੀਮਾ
ਚਰਨਜੀਤ ਭੁੱਲਰ
ਸ਼੍ਰੋੋਮਣੀ ਅਕਾਲੀ ਦਲ ਨੇ ਅੱਜ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੀ ਅਗਵਾਈ ’ਚ ਨਵੇਂ ਐਲਾਨੇ ਸ਼੍ਰੋਮਣੀ ਅਕਾਲੀ ਦਲ ਦੇ ਨਾਮਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸੀਨੀਅਰ ਆਗੂ ਦਲਜੀਤ ਚੀਮਾ ਨੇ ਇਸ ਨਵੇਂ ਦਲ ਨੂੰ ‘ਵੱਖਰਾ ਚੁੱਲ੍ਹਾ ਦਲ’ ਆਖਿਆ ਅਤੇ ਇਹ ਚਿਤਾਵਨੀ ਦਿੱਤੀ ਕਿ ਪਾਰਟੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਨਵੇਂ ਐਲਾਨੇ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਬਣਾਏ ਗਏ ਹਨ। ਡਾ. ਚੀਮਾ ਨੇ ਇੱਥੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਪਾਰਟੀ ਹੈ ਜੋ 1996 ਦੇ ਨੋਟੀਫ਼ਿਕੇਸ਼ਨ ਅਨੁਸਾਰ ਚੋਣ ਕਮਿਸ਼ਨ ਕੋਲ ਰਜਿਸਟਰਡ ਅਤੇ ਮਾਨਤਾਪ੍ਰਾਪਤ ਹੈ। ਅਕਾਲੀ ਦਲ ਦੇ ਸੌ ਫ਼ੀਸਦੀ ਡੈਲੀਗੇਟ ਪਾਰਟੀ ਦੇ ਨਾਲ ਹਨ ਅਤੇ ਇਕ ਵੀ ਮੈਂਬਰ ਵੱਖਰੇ ਗਰੁੱਪ ਨਾਲ ਨਹੀਂ ਹੈ ਜਦੋਂਕਿ ਇਹ ਧੜਾ ਸ਼੍ਰੋੋਮਣੀ ਅਕਾਲੀ ਦਲ ਦੇ ਨਾਂ ਦੀ ਦੁਰਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੇ ਸਾਰੇ ਡੈਲੀਗੇਟਾਂ ਦੀ ਚੋਣ ਬਾਕਾਇਦਾ ਪਿਛਲੀ ਵਰਕਿੰਗ ਕਮੇਟੀ ਦੀ ਮਿਆਦ ਖ਼ਤਮ ਹੋਣ ਮਗਰੋਂ ਨਵੇਂ ਸਿਰੇ ਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਖਰਾ ਚੁੱਲ੍ਹਾ ਦੇ ਮੈਂਬਰਾਂ ਨੇ ਤਾਂ ਮੈਂਬਰਸ਼ਿਪ ਮੁਹਿੰਮ ਵਿੱਚ ਸ਼ਮੂਲੀਅਤ ਵੀ ਨਹੀਂ ਕੀਤੀ। ਉਨ੍ਹਾਂ ਲੰਘੇ ਕੱਲ੍ਹ ਦੇ ਡੈਲੀਗੇਟ ਇਜਲਾਸ ਨੂੰ ਗ਼ੈਰਕਾਨੂੰਨੀ, ਗੈਰ ਸੰਵਿਧਾਨਕ ਤੇ ਅਨੈਤਿਕ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿੱਚ ਫ਼ੌਜਦਾਰੀ ਸ਼ਿਕਾਇਤ ਕਰਨ ਲਈ ਕਾਨੂੰਨੀ ਮਾਹਿਰਾਂ ਨਾਲ ਰਾਇ ਮਸ਼ਵਰਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖਰੇ ਗਰੁੱਪ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਵੱਲੋਂ 2 ਦਸੰਬਰ 2024 ਨੂੰ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਦੇ ਰੋਸ ਕਾਰਨ ‘ਆਪ’ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਪਾਰਟੀ 31 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲ ਤਖ਼ਤ ’ਤੇ ਸ਼ੁਕਰਾਨਾ ਸਮਾਗਮ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ‘ਆਪ’ ਸਰਕਾਰ ਖ਼ਿਲਾਫ਼ ਡਟਣ ਤੋਂ ਪਾਸੇ ਨਹੀਂ ਹਟੇਗੀ।