ਮਨਮੋਹਨ ਸਿੰਘ ਢਿੱਲੋੋਂ
ਅੰਮ੍ਰਿਤਸਰ, 28 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ’ਤੇ ਪੁਰਾਣੇ ਅੰਮ੍ਰਿਤਸਰ ਸ਼ਹਿਰ ਨੂੰ ਵਿਰਾਸਤੀ ਗਲੀ ਦੀ ਤਰਜ਼ ’ਤੇ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਪਵਿੱਤਰ ਨਗਰੀ ਵਿਚ ਬਹੁਮੰਤਵੀ ਕੌਮਾਂਤਰੀ ਸਟੇਡੀਅਮ-ਕਮ-ਕ੍ਰਿਕਟ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਹਰਿਆਣਾ ਵਿਚ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲੀਸ ਅਫਸਰਾਂ ਦੇ ਖ਼ਿਲਾਫ਼ ਕੇਸ ਦਰਜ ਕੀਤੇ ਜਾਣ।
ਇੱਥੇ ਸਾਬਕਾ ਮੰਤਰੀ ਅਨਿਲ ਜੋਸ਼ੀ ਵੱਲੋਂ ਕਰਵਾਏ ਗਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੰਤਵ ਅੰਮ੍ਰਿਤਸਰ ਨੂੰ ਕੌਮਾਂਤਰੀ ਪੱਧਰ ਦਾ ਸ਼ਹਿਰ ਬਣਾਉਣਾ ਹੈ। ਉਨ੍ਹਾਂ ਕਿਹਾ, ‘‘ਅਸੀਂ ਆਪਣੀ ਪਿਛਲੀ ਸਰਕਾਰ ਦੌਰਾਨ ਇਹ ਮਿਸ਼ਨ ਸ਼ੁਰੂ ਕੀਤਾ ਸੀ ਤੇ ਬਹੁਤ ਕੁਝ ਹਾਸਲ ਕੀਤਾ ਪਰ ਕਾਂਗਰਸ ਦੇ ਕਾਰਜਕਾਲ ਦੌਰਾਨ ਸਾਰੇ ਵਿਕਾਸ ਕਾਰਜ ਠੱਪ ਹੋ ਗਏ। ਅਸੀਂ ਨਾ ਸਿਰਫ ਵਿਕਾਸ ਕਾਰਜ ਮੁੜ ਸ਼ੁਰੂ ਕਰਾਵਾਂਗੇ ਸਗੋਂ ਇਸ ਨੂੰ ਅਗਲੇ ਪੜਾਅ ਤੱਕ ਲਿਜਾ ਕੇ ਅੰਮ੍ਰਿਤਸਰ ਨੁੰ ਵਿਸ਼ਵ ਪੱਧਰ ਦਾ ਸ਼ਹਿਰ ਬਣਾਵਾਂਗੇ।’’ ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਉਦਯੋਗਿਕ ਖੇਤਰ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਸਪਲਾਈ ਕਰੇਗੀ ਅਤੇ 10 ਹਜ਼ਾਰ ਕਰੋੜ ਰੁਪਏ ਦੀ ਮੁਫਤ ਬਿਜਲੀ ਪੀਐੱਸਪੀਸੀਐੱਲ ਰਾਹੀਂ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪ੍ਰਾਪਰਟੀ ਟੈਕਸ ਵੀ ਘਟਾਇਆ ਜਾਵੇਗਾ ਤੇ ਗੈਰ ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕੀਤਾ ਜਾਵੇਗਾ।
ਇਸ ਦੌਰਾਨ ਸੰਬੋਧਨ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ’ਚ ਅੱਗੇ ਬਣਨ ਵਾਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਿੱਖਾਂ, ਹਿੰਦੂਆਂ ਤੇ ਦਲਿਤਾਂ ਸਣੇ ਸਮਾਜ ਦੇ ਸਾਰੇ ਵਰਗਾਂ ਨੂੰ ਪ੍ਰਗਤੀ ਦੇ ਰਾਹ ’ਤੇ ਨਾਲ ਲੈ ਕੇ ਚੱਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਲਟਕ ਰਹੇ ਕੰਮ ਵੀ ਮੁਕੰਮਲ ਕੀਤੇ ਜਾਣਗੇ ਤੇ ਵਪਾਰ ਤੇ ਉਦਯੋਗਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਹੱਲ ਕੀਤੀਆਂ ਜਾਣਗੀਆਂ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸਿੱਧੂ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਗੱਲ ਕਰ ਰਿਹਾ ਹੈ ਪਰ ਉਸ ਨੇ ਆਪ ਬਿਜਲੀ ਮਹਿਕਮਾ ਸੰਭਾਲਣ ਤੋਂ ਇਨਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਪਵਿੱਤਰ ਨਗਰੀ ਵਾਸਤੇ ਇਕ ਵੀ ਕੰਮ ਨਹੀਂ ਕੀਤਾ ਹਾਲਾਂਕਿ ਉਹ ਢਾਈ ਸਾਲ ਤੱਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਿਹਾ। ਉਨ੍ਹਾਂ ਮੁੱਖ ਮੰਤਰੀ ਖ਼ਿਲਾਫ਼ ਮੁਹਿੰਮ ਵਿੱਢਣ ਵਾਲੇ ਮੰਤਰੀਆਂ ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ, ਸੁਖਬਿੰਦਰ ਸਰਕਾਰੀ ਤੇ ਚਰਨਜੀਤ ਸਿੰਘ ਚੰਨੀ ਨੂੰ ਪਹਿਲਾਂ ਮੰਤਰੀਆਂ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ਵਾਲੇ ਮੁੱਖ ਮੰਤਰੀ ਖ਼ਿਲਾਫ਼ ਅਕਾਲੀ ਦਲ ਬੇਭਰੋਸਗੀ ਮਤਾ ਪੇਸ਼ ਕਰੇਗਾ।
ਸੁਖਬੀਰ ਬਾਦਲ ਵੱਲ ਜੁੱਤੀ ਸੁੱਟੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲ ਜੁੱਤੀ ਸੁੱਟਣ ਦੇ ਦੋਸ਼ ਹੇਠ ਪੁਲੀਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਦੀ ਪਛਾਣ ਬੂਟਾ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਅਪਾਹਜ ਹੈ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦਿਖਾਈ ਦਿੰਦਾ ਹੈ। ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਸਬੰਧੀ ਕੋਈ ਵੀਡੀਓ ਆਦਿ ਨਹੀਂ ਮਿਲੀ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਇੱਥੇ ਉਕਤ ਸਮਾਗਮ ਖ਼ਤਮ ਹੋ ਗਿਆ ਸੀ। ਸਮਾਗਮ ਦੀ ਸਮਾਪਤੀ ਮੌਕੇ ਮੰਚ ਨੇੜੇ ਇਕ ਜੁੱਤੀ ਆ ਕੇ ਡਿੱਗੀ, ਜਿਸ ਮਗਰੋਂ ਜੁੱਤੀ ਸੁੱਟਣ ਵਾਲੇ ਦੀ ਭਾਲ ਕੀਤੀ ਗਈ।