ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਮਈ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਖੁਸ਼ਕ ਬੰਦਰਗਾਹ ਰਾਏਪੁਰ, ਰੇਲਵੇ ਸਟੇਸ਼ਨਾਂ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਅੱਜ 233ਵੇਂ ਦਿਨ ਜਾਰੀ ਰਹੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਅੰਦੋਲਨ ’ਚ ਔਰਤਾਂ ਦੀ ਵੱਡੀ ਗਿਣਤੀ ’ਚ ਹੋ ਰਹੀ ਸ਼ਮੂਲੀਅਤ ਨੇ ਧਰਨੇ ਹੋਰ ਮਜ਼ਬੂਤ ਕੀਤੇ ਹਨ। ਔਰਤਾਂ ਵੀ ਮਰਦਾਂ ਦੇ ਬਰਾਬਰ ਹੋ ਕੇ ਸੰਘਰਸ਼ਾਂ ’ਚ ਕੁੱਦੀਆਂ ਹਨ। ਜਥੇਬੰਦੀਆਂ ਵੱਲੋਂ ਪਿੰਡਾਂ ’ਚ ਔਰਤਾਂ ਦੀਆਂ ਇਕਾਈਆਂ ਦਾ ਗਠਨ ਜਾਰੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵਤੀਰੇ ਤੋਂ ਲੱਗ ਰਿਹਾ ਹੈ ਕਿ ਸੰਘਰਸ਼ ਹਾਲੇ ਲੰਮਾ ਚੱਲੇਗਾ। ਲੰਮੇਰੇ ਪੰਧਾਂ ਦੇ ਔਖੇ ਰਸਤੇ ਪਾਰ ਕਰਨ ਲਈ ਔਰਤਾਂ ਨੇ ਕਮਰ ਕੱਸ ਲਈ ਹੈ। ਇਸ ਦੀ ਮਿਸਾਲ ਪੰਜਾਬ ’ਚੋਂ ਦਿੱਲੀ ਜਾ ਰਹੇ ਜਥਿਆਂ ਵਿਚ ਔਰਤਾਂ ਦੀ ਸ਼ਮੂਲੀਅਤ ਤੋਂ ਮਿਲਦੀ ਹੈ। ਔਰਤ ਆਗੂਆਂ ਨੇ ਕਿਹਾ ਕਿ ਇਸ ਦੌਰਾਨ ਬਣੇ ਹਾਲਾਤ ਦਾ ਸਭ ਤੋਂ ਵੱਧ ਪ੍ਰਭਾਵ ਔਰਤਾਂ ’ਤੇ ਹੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਘਰਸ਼ ਦਾ ਇਹ ਇਕ ਤਾਕਤਵਰ ਪਹਿਲੂ ਹੈ ਕਿ ਖੇਤੀ ਕਾਨੂੰਨਾਂ ਦੇ ਇਸ ਹੱਲੇ ਨੂੰ ਕਿਸਾਨ ਔਰਤਾਂ ਨੇ ਵੀ ਪਛਾਣਿਆ ਹੈ।
ਔਰਤਾਂ ਨੇ ਬੇਇਨਸਾਫੀ ਖ਼ਿਲਾਫ਼ ਲੜਨ ਦੀ ਦ੍ਰਿੜਤਾ ਪ੍ਰਗਟਾਈ
ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ। ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਉਭਾਰਿਆ ਹੈ ਅਤੇ ਅੰਦੋਲਨਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫੀ ਖ਼ਿਲਾਫ਼ ਲੜਨ ਦੀ ਦ੍ਰਿੜਤਾ ਪ੍ਰਗਟਾਈ ਹੈ।