ਰਵਿੰਦਰ ਰਵੀ
ਬਰਨਾਲਾ, 5 ਅਗਸਤ
ਜ਼ਿਲ੍ਹਾ ਬਰਨਾਲਾ ਦੀ ਦਾਣਾ ਮੰਡੀ ਵਿਚ ਅੱਜ ਸੀਪੀਆਈ (ਐੱਮਐੱਲ) ਲਬਿਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਕਿਸਾਨ ਯੂਨੀਅਨ ਵੱਲੋਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਮੱਕੜਜਾਲ ਵਿੱਚ ਫ਼ਸੀਆਂ ਪੇਂਡੂ ਤੇ ਸ਼ਹਿਰੀ ਆਰਥਿਕ ਪੱਖੋਂ ਕਮਜ਼ੋਰ ਔਰਤਾਂ ਨੂੰ ਕਰਜ਼ੇ ਤੋਂ ਮੁਕਤ ਕਰਾਉਣ ਲਈ ਜ਼ਿਲ੍ਹਾ ਪੱਧਰੀ ਔਰਤ ਕਰਜ਼ਾ ਮੁਕਤੀ ਵਿਸ਼ਾਲ ਰੈਲੀ ਕੀਤੀ ਗਈ। ਇਸ ਵਿੱਚ ਸੱਦਾ ਦਿੱਤਾ ਗਿਆ ਕਿ 13 ਅਗਸਤ ਨੂੰ ਪੂਰੇ ਦੇਸ਼ ਵਿੱਚ ਔਰਤ ਕਰਜ਼ਾ ਮੁਆਫ਼ੀ ਦਿਵਸ ਤਹਿਤ ਰੈਲੀਆਂ ਕੀਤੀਆਂ ਜਾਣਗੀਆਂ।
ਇਸ ਸਮੇਂ ਰੈਲੀ ਵਿੱਚ ਪਹੁੰਚ ਕੇ ਨਾਇਬ ਤਹਿਸੀਲਦਾਰ ਬਰਨਾਲਾ ਨੇ ਮੰਗ ਪੱਤਰ ਪ੍ਰਾਪਤ ਕੀਤੇ। ਰੈਲੀ ’ਚ ਜ਼ਿਲ੍ਹੇ ਭਰ ਦੀਆਂ ਹਜ਼ਾਰਾਂ ਔਰਤਾਂ ਨੇ ਸ਼ਮੂਲੀਅਤ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ, ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਗਰੀਬ ਔਰਤਾਂ ਨੂੰ ਕਰਜ਼ੇ ਤੋਂ ਮੁਕਤ ਕਰਾਉਣ ਲਈ ਪੂਰੇ ਪੰਜਾਬ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਤੇ ਕਰਜ਼ਾ ਮੁਆਫ਼ੀ ਤੱਕ ਸੰਘਰਸ਼ ਜਾਰੀ ਰਹੇਗਾ। ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਰੈਲੀਆਂ ਕਰ ਕੇ 31 ਅਗਸਤ ਨੂੰ ਬਠਿੰਡਾ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਤੇ ਸੂਬਾ ਸਰਕਾਰਾਂ ਕਰੋਨਾ ਦੀ ਆੜ ਹੇਠ ਮਜ਼ਦੂਰਾਂ, ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਖ਼ਿਲਾਫ਼ ਨੀਤੀਆਂ ਘੜ੍ਹ ਕੇ ਦੇਸ਼ ਅੰਦਰ ਕੰਪਨੀ ਰਾਜ ਸਥਾਪਤ ਕਰਨਾ ਚਾਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਔਰਤਾਂ ਤੇ ਸਾਰੇ ਗਰੀਬਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਤੇ ਔਰਤਾਂ ਨੂੰ ਰੁਜ਼ਗਾਰ ਚਲਾਉਣ ਲਈ ਇਕ ਲੱਖ ਰੁਪਏ ਦੀ ਲਿਮਟ ਬਣਾ ਕੇ ਕਰਜ਼ਾ ਦਿੱਤਾ ਜਾਵੇ।
ਅਮੀਰਾਂ ਨੂੰ ਗੱਫੇ ਤੇ ਗਰੀਬਾਂ ਨੂੰ ਧੱਕੇ ਦੇ ਰਹੀ ਸਰਕਾਰ: ਰੂੜੇਕੇ
ਇਸ ਮੌਕੇ ਰੈਲੀ ਨੂੰ ਸੰਬੋਧਨ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਗਰੀਬਾਂ ਨੂੰ ਰਾਹਤ ਦੇਣ ਦੀ ਥਾਂ ਅਮੀਰਾਂ ਦੇ ਕਰੋੜਾਂ ਰੁਪਏ ਮੁਆਫ਼ ਕਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਵਿਤਕਰਾ ਕਰਨ ਵਾਲੀ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ’ਚ ਭਾਰੀ ਗੁੱਸਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ ਕਸ਼ਮੀਰੀ ਲੋਕਾਂ ’ਤੇ ਜਬਰ ਕਰ ਕਸ਼ਮੀਰ ਦੇ ਟੋਟੇ ਕੀਤੇ ਸੀ।