ਆਤਿਸ਼ ਗੁਪਤਾ
ਚੰਡੀਗੜ੍ਹ, 7 ਅਪਰੈਲ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਦੇ ਹਿਸਾਰ ਵਿੱਚ ਪੈਂਦੇ ਮਈਅੜ ਟੌਲ ਪਲਾਜ਼ਾ ’ਤੇ ਸੂਬੇ ਦੀ ਪਹਿਲੀ ਔਰਤ ਕਿਸਾਨ ਮਹਾਪੰਚਾਇਤ ਹੋਈ। ਇਸ ਵਿੱਚ ਪੰਜਾਬ ਤੋਂ ਆਲ ਇੰਡੀਆ ਜੱਟ ਮਹਾਸਭਾ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਨਵਜੋਤ ਕੌਰ ਸਿੱਧੂ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸੁਮਨ ਹੁੱਡਾ ਸਣੇ ਵੱਡੀ ਗਿਣਤੀ ਔਰਤਾਂ ਨੇ ਹਿੱਸਾ ਲਿਆ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਮਹਿਲਾ ਆਗੂਆਂ ਨੇ ਸੰਸਦ ਵੱਲ ਕੂਚ ਦੌਰਾਨ ਵੱਡੀ ਗਿਣਤੀ ਔਰਤਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਿਹਾ ਹੈ ਤੇ ਇਸ ਦੌਰਾਨ 300 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੂੰ ਲੱਗਦਾ ਹੈ ਕਿ ਕਣਕ ਦੀ ਵਾਢੀ ਦੌਰਾਨ ਕਿਸਾਨ ਘਰ ਪਰਤ ਜਾਣਗੇ ਪਰ ਦੇਸ਼ ਦਾ ਅੰਨਦਾਤਾ ਪਿੱਛੇ ਹਟਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰ ਕੇ ਐੱਮਐੱਸਪੀ ’ਤੇ ਫ਼ਸਲ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਵੇ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸੁਮਨ ਹੁੱਡਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦਲਨ ਨੂੰ ਖਤਮ ਕਰਨ ਲਈ ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰ ਰਹੀ ਹੈ ਪਰ ਕਿਸਾਨ ਡਰਨ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਸੰਸਦ ਦੇ ਘਿਰਾਓ ਵਿੱਚ ਵੱਡੀ ਗਿਣਤੀ ਔਰਤਾਂ ਸ਼ਾਮਲ ਹੋਣਗੀਆਂ। ਇਸ ਮੌਕੇ ਰੀਮਨ ਨੈਣ ਨੂੰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਹਿਸਾਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸੂਬੇ ਵਿੱਚ ਹੋਈ ਮਹਿਲਾ ਕਿਸਾਨ ਮਹਾਪੰਚਾਇਤ ਵਿੱਚ ਸੁਦੇਸ਼, ਸਵਿਤਾ ਮਾਨ, ਅਨੂੰ, ਮਨੀਸ਼ਾ ਬਿਸ਼ਨੋਈ, ਕਵਿਤਾ ਗੋਇਤ ਨੇ ਔਰਤਾਂ ਨੂੰ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।