ਪੱਤਰ ਪ੍ਰੇਰਕ
ਮੋਰਿੰਡਾ, 25 ਨਵੰਬਰ
ਨਾਰੀ ਏਕਤਾ ਜਬਰ ਵਿਰੋਧੀ ਫਰੰਟ ਪੰਜਾਬ ਵੱਲੋਂ ਮੋਰਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਕੇ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ, ਜੋ ਕਿ ਫਾਈਨਾਂਸ ਕੰਪਨੀਆਂ ਦੇ ਕਰਜ਼ੇ ਵਿੱਚ ਫਸੀਆਂ ਹੋਈਆਂ ਹਨ, ਦਾ ਕਰਜ਼ਾ ਮੁਆਫ ਕਰੇ ਅਤੇ ਔਰਤਾਂ ਨੂੰ ਸਰਕਾਰੀ ਕਰਜ਼ਾ ਘੱਟ ਵਿਆਜ ’ਤੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਬਿਜਲੀ ਯੂਨਿਟ ਰੇਟ ਅੱਧੇ ਕਰੇ ਅਤੇ ਨਰਮੇ ਦੀ ਫਸਲ ਤਬਾਹ ਹੋਣ ਕਾਰਨ ਮਜ਼ਦੂਰ ਔਰਤਾਂ ਦੀ ਆਰਥਿਕ ਮਦਦ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ।