ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਮਈ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਹਾਲ ’ਚ ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਦਾ 60ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਦੌਰਾਨ ਕਵੀ ਸੁਰਜੀਤ ਪਾਤਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਾਹਮੁਖੀ ਤੇ ਗੁਰਮੁਖੀ ਲਿਪੀ ਦੇ ਆਪਸ ਵਿੱਚ ਮਸ਼ੀਨੀ ਲਿਪੀਆਂਤਰਨ ਸਬੰਧੀ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਖਦਸ਼ੇ ਜ਼ਾਹਿਰ ਕੀਤੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨੇ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. ਅਰਿਵੰਦ ਨੇ ਕਿਹਾ ਕਿ ਯੂਨੀਵਰਸਿਟੀਆਂ ਦਾ ਮਕਸਦ ਗਿਆਨ ਪੈਦਾ ਕਰਨਾ ਅਤੇ ਇਸ ਨੂੰ ਆਮ ਲੋਕਾਂ ਵਿੱਚ ਵਰਤਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਬੌਧਿਕਤਾ ਅਤੇ ਗਿਆਨ ਦਾ ਵਿਕਾਸ ਹੋਣ ਦੇ ਲਿਹਾਜ਼ ਨਾਲ ਇਸ ਨੂੰ ਅਹਿਮ ਪੜਾਵਾਂ ਵਿੱਚ ਵੇਖਿਆ ਜਾਣਾ ਬਣਦਾ ਹੈ। ਪ੍ਰਾਪਤੀਆਂ ਸਮੇਤ ਇਹ ਵੀ ਵਾਚਣਾ ਚਾਹੀਦਾ ਹੈ ਕਿ ਜੇ ਕੁਝ ਮੰਤਵ ਹਾਲੇ ਪੂਰੇ ਨਹੀਂ ਹੋਏ, ਤਾਂ ਕਮੀ ਕਿੱਥੇ ਹੈ। ਪੰਜਾਬੀ ਭਾਸ਼ਾ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇੇ ਹਨ। ਇੱਕ ਸਾਲ ’ਚ ਦੋ ਵਿਸ਼ੇਸ਼ ਕੇਂਦਰ ਸਥਾਪਤ ਕੀਤੇ ਗਏ ਹਨ। ਸਰਕਾਰ ਯੂਨੀਵਰਸਿਟੀ ਨੂੰ ਬਚਾਉਣ ਲਈ ਸੁਹਿਰਦ ਹੈ। ਜਲਦੀ ਹੀ ਕੋਈ ਨੀਤੀਗਤ ਫ਼ੈਸਲਾ ਲੈ ਕੇ ਯੂਨੀਵਰਸਿਟੀ ਨੂੰ ਇਸ ਸੰਕਟ ’ਚੋਂ ਕੱਢੇ ਜਾਣ ਦੀ ਉਮੀਦ ਹੈ।
ਇਸ ਦੌਰਾਨ ਪਹਿਲੇ ਬੈਚ ਦੇ ਵਿਦਿਆਰਥੀ ਅਤੇ ਇੱਥੋਂ ਹੀ ਪ੍ਰੋਫ਼ੈਸਰ ਵਜੋਂ ਸੇਵਾਮੁਕਤ ਹੋਏ ਗ਼ਜ਼ਲਗੋ ਤਰਲੋਕ ਸਿੰਘ ਆਨੰਦ ਸਮੇਤ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਸਨਮਾਨ ਵੀ ਕੀਤਾ ਗਿਆ। ਡੀਨ ਅਕਾਦਮਿਕ ਮਾਮਲੇ ਡਾ. ਬੀ.ਐੱਸ. ਸੰਧੂ ਨੇ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਪ੍ਰੋ. ਗੁਰਮੁਖ ਸਿੰਘ ਨੇ ਸਵਾਗਤੀ ਭਾਸ਼ਣ ਅਤੇ ਰਜਿਸਟਰਾਰ ਡਾ. ਨਵਜੋਤ ਕੌਰ ਨੇ ਧੰਨਵਾਦੀ ਭਾਸ਼ਣ ਦਿੱਤਾ। ਮੰਚ ਸੰਚਾਲਨ ਡਾ. ਰਾਜਿੰਦਰਪਾਲ ਬਰਾੜ ਨੇ ਕੀਤਾ।