ਕਿਰਤੀ ਕਿਸਾਨ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਸੱਤ ਜ਼ਿਲ੍ਹਿਆਂ ਵਿੱਚ ਹੋਈ ਤਬਾਹੀ ਸਬੰਧੀ ਸੂਬਾ ਸਰਕਾਰ ਤੋਂ ਫੌਰੀ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੇ ਦਰਜਨ ਤੋਂ ਵੱਧ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ, ਪਟਿਆਲਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਜਲੰਧਰ, ਨਵਾਂਸ਼ਹਿਰ, ਮਾਲੇਰਕੋਟਲਾ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ ਤੇ ਫ਼ਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਸੌਂਪੇ ਗਏ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਪੱਤਰ ਵਿੱਚ ਕਿਸਾਨਾਂ ਦੀ ਫ਼ਸਲਾਂ, ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਹੜ੍ਹ ਪੀੜਤਾਂ ਲਈ ਸਹਾਇਤਾ ਕਾਰਜ ਤੇਜ਼ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਵਿਸ਼ੇਸ਼ ਗਿਰਦਾਵਰੀ ਪ੍ਰਕਿਰਿਆ ਬਿਨਾਂ ਪੱਖ-ਪਾਤ ਤੋਂ ਕਰਨ ਤੋਂ ਪਹਿਲਾਂ ਲੋਕਾਂ ਨੂੰ ਫ਼ੌਰੀ ਰਾਹਤ ਦੇਣ ਦੀ ਲੋੜ ਹੈ। ਗਿਰਦਾਵਰੀ ਮੁਕੰਮਲ ਹੋਣ ਤੋਂ ਪਹਿਲਾ ਹੜ੍ਹਾਂ ਕਾਰਨ ਹੋਈ ਮੌਤ ਦਾ 20 ਲੱਖ ਰੁਪਏ, ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਅਤੇ 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮਜ਼ਦੂਰਾਂ ਸਣੇ ਹੋਰ ਤਬਕਿਆਂ ਨੂੰ ਮੁਹੱਈਆ ਕਰਵਾਇਆ ਜਾਵੇ। ਇਸੇ ਤਰ੍ਹਾਂ ਰੁੜ੍ਹੇ ਜਾਂ ਮਾਰੇ ਗਏ ਪਸ਼ੂਆਂ ਦਾ ਮੁਆਵਜ਼ਾ ਦਿੱਤਾ ਜਾਵੇ।