ਚਰਨਜੀਤ ਭੁੱਲਰ
ਚੰਡੀਗੜ੍ਹ, 16 ਅਪਰੈਲ
ਪਿਛਲੀਆਂ ਸਰਕਾਰਾਂ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗ਼ਲਤ ਬਿਜਲੀ ਸਮਝੌਤਿਆਂ ਕਰਕੇ ਪੰਜਾਬ ਹਾਲੇ ਤੱਕ ਸਸਤੀ ਤੇ ਮੁਫ਼ਤ ਬਿਜਲੀ ਦੇਣ ਤੋਂ ਅਸਮਰੱਥ ਹੈ। ਇਹ ਗੱਲ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਟਰਾਂਸਕੋ ਵੱਲੋਂ ਭਰਤੀ ਕੀਤੇ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਸਥਾਨਕ ਮਿਉਂਸਿਪਲ ਭਵਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਿਜਲੀ ਪੈਦਾ ਕਰਨ ਵਾਲਾ ਰਾਜ ਹੋਣ ਦੇ ਬਾਵਜੂਦ ਹੁਣ ਤੱਕ ਸਸਤੀ ਬਿਜਲੀ ਦੇਣ ਦੇ ਯੋਗ ਨਹੀਂ ਬਣ ਸਕਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਫ਼ਤ ਤੇ ਸਸਤੀ ਬਿਜਲੀ ਦੇਣ ਦੇ ਰਾਹ ਵਿਚਲੇ ਹੋਰਨਾਂ ਅੜਿੱਕਿਆਂ ਨੂੰ ਦੂਰ ਕਰਨ ਵਿੱਚ ਲੱਗੀ ਹੋਈ ਹੈ, ਜਿਨ੍ਹਾਂ ਵਿੱਚ ਟਰਾਂਸਮਿਸ਼ਨ ਘਾਟੇ, ਕੋਲੇ ਦਾ ਮੁੱਦਾ ਤੇ ਕੁਝ ਹੋਰ ਕਾਨੂੰਨੀ ਮੁੱਦੇ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਇੱਕ ਮਹੀਨੇ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਭਰੋਸੇ ਸਦਕਾ ਪਰਵਾਸੀ ਭਾਰਤੀ ਹੁਣ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ ਤੇ ਸਰਕਾਰ ਉਨ੍ਹਾਂ ਤੱਕ ਪਹੁੰਚ ਕਰ ਰਹੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਮੌਕੇ ਦੱਸਿਆ ਕਿ ਪਛਵਾੜਾ ਕੋਲਾ ਖਾਣ ਜੋ 2015 ਤੋਂ ਬੰਦ ਪਈ ਸੀ, ਉਹ ਹੁਣ ਜਲਦ ਹੀ ਸ਼ੁਰੂ ਹੋ ਰਹੀ ਹੈ ਤੇ ਇਸ ਦਾ ਕੋਲਾ ਪੰਜਾਬ ਨੂੰ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਮਗਰੋਂ ਟਰਾਂਸਕੋ ਵੱਲੋਂ ਭਰਤੀ ਕੀਤੇ ਗਏ 718 ਮੁਲਾਜ਼ਮਾਂ ਨੂੰ ਉਨ੍ਹਾਂ ਨਿਯੁਕਤੀ ਪੱਤਰ ਵੰਡੇ।
ਇਸ ਮੌਕੇ ਟਰਾਂਸਕੋ ਦੇ ਸੀਐੱਮਡੀ ਵੇਣੂ ਪ੍ਰਸ਼ਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਸੂਬੇ ਦੇ 80 ਫ਼ੀਸਦ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ: ਅਰੋੜਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਸੂਬੇ ਦੇ 80 ਫ਼ੀਸਦੀ ਦੇ ਕਰੀਬ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 73 ਲੱਖ ਘਰੇਲੂ ਬਿਜਲੀ ਖ਼ਪਤਕਾਰ ਹਨ, ਜਿਨ੍ਹਾਂ ਵਿੱਚੋਂ 61 ਲੱਖ ਖ਼ਪਤਕਾਰਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਦੀ ਪਹਿਲੀ ਗਾਰੰਟੀ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਸੀ, ਜਿਸ ਨੂੰ ਸਰਕਾਰ ਨੇ ਇਕ ਮਹੀਨੇ ਦੇ ਅੰਦਰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਮੁੱਖ ਮੰਤਰੀ ਸਿਰਫ਼ ਵੋਟਾਂ ਨੇੜੇ ਜਾ ਕੇ ਲੋਕ ਲੁਭਾਊ ਵਾਅਦੇ ਕਰਦੇ ਸਨ, ਪਰ ‘ਆਪ’ ਕੰਮ ਕਰੇਗੀ। ‘ਆਪ’ ਆਗੂ ਨੇ ਆਮ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਨਾ ਮਿਲਣ ਦੇ ਖ਼ਦਸ਼ਿਆਂ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਬਿਜਲੀ ਦੀ ਬਰਬਾਦੀ ਨਾ ਹੋਵੇ ਅਤੇ ਸਹੀ ਉਪਯੋਗ ਹੋਵੇ ਅਜਿਹੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਹੋ ਗਈ ਤਾਂ ਗ਼ੈਰ-ਜ਼ਰੂਰੀ ਵਰਤੋਂ ਨਾਲ ਬਿਜਲੀ ਦੀ ਬਰਬਾਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗਰਮੀ ਰੁੱਤ ਨੂੰ ਛੱਡ ਕੇ ਬਾਕੀ ਮਹੀਨਿਆਂ ਵਿਚ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਮਿਲੇਗਾ।