ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 17 ਅਕਤੂਬਰ
ਦੇਵੀਦਾਸਪੁਰਾ ਰੇਲ ਪਟੜੀ ਉੱਪਰ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ 24ਵੇਂ ਦਿਨ ਕੇਸਰੀ ਚੁੰਨੀਆਂ ਲੈ ਕੇ ਬੀਬੀਆਂ ਵੱਲੋਂ ਰੇਲ ਪਟੜੀਆਂ ’ਤੇ ਚੁੱਲ੍ਹੇ ਅਤੇ ਚਕਲੇ-ਵੇਲਣੇ ਰੱਖ ਕੇ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੇ ਚੁੱਲ੍ਹਿਆਂ ਦੀ ਅੱਗ ਬੁਝਾਉਣ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਬੀਬੀਆਂ ਵੱਲੋਂ ਵੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਰੇਲ ਪਟੜੀਆਂ ’ਤੇ ਚੁੱਲ੍ਹੇ ਲਿਆ ਕੇ ਰੋਟੀ-ਪਾਣੀ ਕਰ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਸ੍ਰੀ ਪੰਧੇਰ ਨੇ ਕਿਹਾ 23 ਅਕਤੂਬਰ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਹੋਣ ਵਾਲੇ ਵਿਸ਼ਾਲ ਇਕੱਠ ਵਿਚ ਰੇਲ ਟਰੈਕ ਤੋਂ ਪਰਿਵਾਰਾਂ ਸਣੇ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਸਵਿੰਦਰ ਸਿੰਘ ਚੁਤਾਲਾ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਪ੍ਰਧਾਨ ਮੰਤਰੀ ਦੇ ਦਾਅਵੇ ਹਕੀਕਤ ਤੋਂ ਕੋਰੇ ਹਨ। ਉਹ ਕਿਸਾਨਾਂ ਦਾ ਨਾਸ ਕਰ ਕੇ ਕਾਰਪੋਰੇਟਾਂ ਦੇ ਹੱਕਾਂ ਦੀ ਰਾਖੀ ਕਰ ਰਹੇ ਹਨ। ਆਗੂਆਂ ਨੇ ਕਿਹਾ ਉਹ 19 ਅਕਤੂਬਰ ਨੂੰ ਵਿਧਾਨ ਸਭਾ ਦੇ ਘਿਰਾਓ ਦਾ ਸਮਰਥਨ ਕਰਦੇ ਹਨ। ਅੱਜ ਮੋਦੀ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਦਾ ਵੀ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂਆਂ ਨੂੰ ਆਰਐੱਸਐੱਸ ਦੇ ਏਜੰਡੇ ਤਹਿਤ ਫ਼ਿਰਕੂ ਬਿਆਨ ਨਹੀਂ ਦੇਣੇ ਚਾਹੀਦੇ। ਕਿਸਾਨ ਆਗੂਆਂ ਨੇ ਸਮੂਹ ਪੰਜਾਬੀਆਂ ਨੂੰ 23 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਹੋ ਰਹੇ ਬੀਬੀਆਂ ਦੇ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਕਿਸਾਨਾਂ ਵੱਲੋਂ ਹੁਣ ਤੱਕ ਵਿੱਢੇ ਸੰਘਰਸ਼ ਨੂੰ ਮੋਦੀ ਸਰਕਾਰ ਵੱਲੋਂ ਕੋਈ ਗੰਭੀਰਤਾ ਨਾ ਦਿਖਾਉਣ ਦੇ ਵਿਰੋਧ ਵਿੱਚ ਅੱਜ ਬਲਾਕ ਕਾਹਨੂੰਵਾਨ ਦੇ ਬੇਟ ਖੇਤਰ ਵਿੱਚੋਂ ਦੋ ਜਥੇ ਦੇਵੀਦਾਸਪੁਰ ਦੇ ਰੇਲ ਰੋਕੋ ਅੰਦੋਲਨ ਲਈ ਰਵਾਨਾ ਹੋਏ।
ਮਾਨਸਾ (ਜੋਗਿੰਦਰ ਸਿੰਘ ਮਾਨ): ਇੱਥੇ ਅੱਜ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਰਨੈਲ ਸਿੰਘ ਮਾਨਸਾ ਨੇ ਕਿਹਾ ਕਿ ਇਹ ਅੰਦੋਲਨ ਇਕੱਲੇ ਪੰਜਾਬ ਦਾ ਨਹੀਂ, ਹੁਣ ਸਮੁੱਚੇ ਦੇਸ਼ ਦਾ ਬਣ ਚੁੱਕਾ ਹੈ, ਜਿਸ ਦੀ ਅਗਵਾਈ ਪੰਜਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਲੋਕ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰਕੇ ਆਉਣ ਵਾਲੇ ਕੁੱਝ ਦਿਨਾਂ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗ ਬੁਲਾਈ ਜਾਵੇਗੀ ਤੇ ਦੇਸ਼ ਅੰਦਰ 5 ਨਵੰਬਰ ਨੂੰ ਛੇ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।