ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 28 ਦਸੰਬਰ
ਚੰਗੇਰੇ ਭਵਿੱਖ ਦੀ ਆਸ ਲੈ ਕੇ ਪੜ੍ਹਾਈ ਲਈ ਕੈਨੇਡਾ ਗਏ ਕਸਬਾ ਫਤਿਆਬਾਦ ਦੇ 26 ਸਾਲਾ ਨੌਜਵਾਨ ਦੀ ਉੱਥੇ ਕੰਮ ਵਾਲੀ ਜਗ੍ਹਾ ’ਤੇ ਹੋਏ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸਾਬਕਾ ਫ਼ੌਜੀ ਸਕੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਲੜਕਾ ਅੰਮ੍ਰਿਤਪਾਲ ਸਿੰਘ ਪਿਛਲੇ ਡੇਢ ਸਾਲ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਮਕੈਨੀਕਲ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਨਾਲ ਹੀ ਪਾਰਟ ਟਾਈਮ ਕੰਮ ਵੀ ਕਰਦਾ ਸੀ। ਬੀਤੇ ਦਿਨ ਕੰਮ ਵਾਲੀ ਜਗ੍ਹਾ ’ਤੇ ਹੋਏ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਕਾਰਨ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਸਕੱਤਰ ਸਿੰਘ ਨੇ ਦੱਸਿਆ ਕਿ 2 ਜਨਵਰੀ ਨੂੰ ਉਸ ਦੀ ਦੇਹ ਭਾਰਤ ਪੁੱਜਣ ਦੀ ਸੰਭਾਵਨਾ ਹੈ।