ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਜਨਵਰੀ
ਕਰੋਨਾ ਮਹਾਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਨੌਜਵਾਨ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰ ਕੇ ਵਾਪਸੀ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ’ਤੇ ਪ੍ਰਧਾਨ ਸ੍ਰੀ ਧਾਮੀ ਨੇ ਨਿਊਜ਼ੀਲੈਂਡ ਦੀ ਸਿੱਖ ਸੰਸਥਾ ‘ਸਿੱਖ ਸੁਪਰੀਮ ਸੁਸਾਇਟੀ ਆਕਲੈਂਡ’ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨਾਲ ਫੋਨ ’ਤੇ ਗੱਲ ਕਰ ਕੇ ਮਸਲਾ ਹੱਲ ਕਰਨ ਲਈ ਕਿਹਾ। ਇਸ ਮਗਰੋਂ ਭਾਈ ਦਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੇ ਹੱਲ ਲਈ ਸੰਜੀਦਾ ਹਨ ਤੇ ਨੌਜਵਾਨਾਂ ਦੀ ਵਤਨ ਵਾਪਸੀ ਲਈ ਯਤਨਸ਼ੀਲ ਹਨ। ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਕਰੋਨਾ ਕਾਰਨ ਲਗਪਗ 800 ਪੰਜਾਬੀ ਦੋ ਸਾਲਾਂ ਤੋਂ ਨਿਊਜ਼ੀਲੈਂਡ ਨਹੀਂ ਮੁੜ ਸਕੇ, ਜਿਨ੍ਹਾਂ ਵਿੱਚੋਂ ਬਹੁਤਿਆਂ ਦੇ ਪਰਿਵਾਰਕ ਮੈਂਬਰ ਵੀ ਉੱਥੇ ਹੀ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਵੀਜ਼ਾ ਮਿਆਦ ਵੀ ਖ਼ਤਮ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਲਿਖੇ ਗਏ ਪੱਤਰ ਵਿੱਚ ਵੀ ਨਿਊਜ਼ੀਲੈਂਡ ਸਰਕਾਰ ਨਾਲ ਰਾਬਤਾ ਬਣਾ ਕੇ ਸਿੱਖ ਨੌਜਵਾਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ (ਟਨਸ): ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਾਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਾਜਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਅਤੇ ਅੱਜ ਉਹ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਰਾਜਿੰਦਰ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਵੀ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।