ਬਹਾਦਰਜੀਤ ਸਿੰਘ
ਰੂਪਨਗਰ, 2 ਸਤੰਬਰ
ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਵੱਲੋਂ ਦਲਿਤਾਂ ਦੇ ਕਥਿਤ ਪੋਸਟ ਮੈਟਰਿਕ ਵਜ਼ੀਫਾ ਘੁਟਾਲੇ ਦੇ ਵਿਰੋਧ ਵਿੱਚ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੰਦੀਪ ਸਿੰਘ ਕਲੋਤਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 63 ਕਰੋੜ ਰੁਪਏ ਦੇ ਦਲਿਤਾਂ ਦੇ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੀ ਮੁੱਖ ਸਕੱਤਰ ਕੋਲੋਂ ਜਾਂਚ ਕਰਵਾਉਣ ਦੇ ਫ਼ੈਸਲੇ ਨੂੰ ਰੱਦ ਕੀਤਾ ਤੇ ਕਿਹਾ ਕਿ ਇਹ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਕਲੀਨ ਚਿੱਟ ਹਾਸਲ ਕਰਨ ਦੀ ਕਾਰਵਾਈ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਤੋਂ ਦਲਿਤ ਵਜ਼ੀਫਾ ਸਕੀਮ ਅਧੀਨ ਪ੍ਰਾਪਤ ਹੋਏ 811 ਕਰੋੜ ਰੁਪਏ ਦੀ ਵੰਡ ਦਾ ਹਿਸਾਬ ਮੰਗਦਾ ਹੈ ਕਿਉਂਕਿ ਸ਼ੁਰੂਆਤੀ ਦੌਰ ਵਿਚ ਭਾਵੇਂ ਇਹ ਘੁਟਾਲਾ 63 ਕਰੋੜ ਰੁਪਏ ਦਾ ਦੱਸਿਆ ਗਿਆ ਹੋਵੇ ਪਰ ਅਸਲੀਅਤ ਇਹ ਹੈ ਕਿ ਇਹ ਬਹੁਤ ਵੱਡਾ ਘੁਟਾਲਾ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਨੂੰ ਬਰਖ਼ਾਸਤ ਕਰ ਕੇ ਉਨ੍ਹਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ । ਇਸ ਮੌਕੇ ਸੀਨੀਅਰ ਅਕਾਲੀ ਆਗੂ ਆਰ ਪੀ ਸ਼ੈਲੀ, ਸਰਪੰਚ ਰਣਜੀਤ ਸਿੰਘ ਮੁਕਾਰੀ, ਕੁਲਵੀਰ ਸਿੰਘ ਅਸਮਾਨਪੁਰ, ਅਮਨਪ੍ਰੀਤ ਸਿੰਘ ਸੰਧੂ, ਕੁਨਾਲ ਵਸ਼ਿਸ਼ਟ, ਬਲਜਿੰਦਰ ਸਿੰਘ ਮਿੱਠੂ, ਸਾਬਕਾ ਕੌਂਸਲਰ ਚੌਧਰੀ ਵੇਦ ਪ੍ਰਕਾਸ਼, ਰਜਿੰਦਰ ਕੁਮਾਰ, ਮਨਿੰਦਰਪਾਲ ਸਿੰਘ ਸਾਹਨੀ, ਗੁਰਦੀਪ ਸਿੰਘ ਹਵੇਲੀ ਆਦਿ ਨੇ ਵੀ ਸੰਬੋਧਨ ਕੀਤਾ।
ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਊਣ ਦੀ ਮੰਗ
ਡੇਰਾਬੱਸੀ (ਖੇਤਰੀ ਪ੍ਰਤੀਨਿਧ/ ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਲੱਗ ਰਹੇ 65 ਕਰੋੜ ਦੇ ਫੰਡ ਘੁਟਾਲੇ ਦੇ ਦੋਸ਼ਾਂ ਤਹਿਤ ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ, ਪ੍ਰਧਾਨ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਨੇ ਚਿਤਾਵਨੀ ਭਰੇ ਲਹਿਜ਼ੇ ’ਚ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਘਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ ਕਿਉਂਕਿ ਇਸ ਘੋਟਾਲੇ ਦਾ ਅਸਰ ਸਿੱਧੇ ਜਾਂ ਅਸਿੱਧੇ ਤੌਰ ’ਤੇ ਨਿਮਨ ਵਰਗ ਦੇ ਲੱਖਾਂ ਬੱਚਿਆਂ ਦੀ ਸਿੱਖਿਆ ’ਤੇ ਪਵੇਗਾ। ਊਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਕਾਰਵਾਈ ’ਤੇ ਅਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।