ਆਤਿਸ਼ ਗੁਪਤਾ
ਚੰਡੀਗੜ੍ਹ, 30 ਮਈ
ਇਥੇ ਅੱਜ ਯੂਥ ਕਾਂਗਰਸ ਪੰਜਾਬ ਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢਿਆ। ਇਹ ਮੋਮਬੱਤੀ ਮਾਰਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੱਢਿਆ ਗਿਆ, ਜੋ ਕਿ ਸੈਕਟਰ 15 ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਤੋਂ ਸ਼ੁਰੂ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਵਧਿਆ। ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸੀਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕਾਫੀ ਦੂਰੀ ’ਤੇ ਹੀ ਰੋਕ ਲਿਆ। ਪੁਲੀਸ ਦੇ ਰੋਕਣ ’ਤੇ ਯੂਥ ਕਾਂਗਰਸ ਦੇ ਆਗੂਆਂ ਨੇ ਉੱਥੇ ਹੀ ਸ਼ਾਂਤਮਈ ਢੰਗ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ, ਜਿੱਥੇ ਨਿੱਤ ਦਿਨ ਨੌਜਵਾਨਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿੰਮੇਵਾਰ ਹਨ, ਜਿਨ੍ਹਾਂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। ਸ੍ਰੀ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਹਰ ਵਸਨੀਕ ਦੀ ਸੁਰੱਖਿਆ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ, ਪਰ ਸੂਬੇ ਦੀਆਂ ਮੁੱਖ ਹਸਤੀਆਂ ਦੀ ਸੁਰੱਖਿਆ ਵਾਪਸ ਲੈਣਾ ਗਲਤ ਗੱਲ ਹੈ। ਯੂਥ ਕਾਂਗਰਸ ਦੇ ਆਗੂਆਂ ਨੇ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸੁਰੱਖਿਆ ਵਿੱਚ ਕਟੌਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।