ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 19 ਜੂਨ
ਸਬ-ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਅੱਜ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਜੂ (26) ਪੁੱਤਰ ਤਿਲਕ ਰਾਜ ਵਾਸੀ ਫਤਿਆਬਾਦ ਵਜੋਂ ਹੋਈ ਹੈ।
ਦੋ ਦਿਨ ਪਹਿਲਾਂ ਕਸਬਾ ਫਤਿਆਬਾਦ ਦੇ ਮੁਹੱਲਾ ਵਾਲਮੀਕਿ ਵਿੱਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੇ ਪਿਤਾ ਤਿਲਕ ਰਾਜ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਉਸ ਦਾ ਵੱਡਾ ਲੜਕਾ ਸਰਵਨ ਸਿੰਘ ਵੀ ਨਸ਼ਿਆਂ ਦੀ ਭੇਟ ਚੜ੍ਹ ਚੁੱਕਾ ਹੈ। ਉਸ ਨੇ ਦੱਸਿਆ ਕਿ ਕਸਬੇ ਵਿੱਚ ਸ਼ਰ੍ਹੇਆਮ ਵਿੱਕ ਰਹੇ ਨਸ਼ਿਆਂ ਕਾਰਨ ਉਸ ਦੇ ਦੋਵੇਂ ਲੜਕੇ ਨਸ਼ਿਆਂ ਦੇ ਆਦੀ ਹੋ ਚੁੱਕੇ ਸਨ। ਕੱਲ੍ਹ ਉਸ ਦੇ ਛੋਟੇ ਲੜਕੇ ਵੱਲੋਂ ਨਸ਼ੇ ਦਾ ਟੀਕਾ ਲਾਉਣ ਕਾਰਨ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਸਰਕਾਰ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਤਹਿਤ ਪੰਜਾਬ ਨਸ਼ਾ ਮੁਕਤ ਹੋਣ ਦਾ ਦਾਅਵਾ ਕਰ ਰਹੀ ਹੈ, ਜਦਕਿ ਸਬ-ਡਵੀਜ਼ਨ ਖਡੂਰ ਸਾਹਿਬ ਵਿੱਚ ਨਸ਼ਿਆਂ ਕਾਰਨ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਪੁਲੀਸ ਨਸ਼ਿਆਂ ਨੂੰ ਖਤਮ ਕਰਨ ਲਈ ਗੰਭੀਰ ਨਹੀ ਹੈ। ਪੀੜਤ ਪਰਿਵਾਰ ਤੇ ਇਲਾਕਾ ਵਾਸੀਆਂ ਨੇ ਨਸ਼ਿਆਂ ਨੂੰ ਖਤਮ ਕਰਨ ਵਿਚ ਨਾਕਾਮ ਰਹੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕਈ ਸਥਾਨਕ ਵਾਸੀਆਂ ਨੇ ਦੱਸਿਆ ਕਿ ਸਬ-ਡਵੀਜ਼ਨ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦਾ ਅੰਕੜਾ ਲੁਕਾਉਣ ਲਈ ਸਥਾਨਕ ਪੁਲੀਸ ਕਥਿਤ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸਬ-ਡਵੀਜ਼ਨ ਖਡੂਰ ਸਾਹਿਬ ਦੇ ਡੀਐੱਸਪੀ ਅਤੁਲ ਸੋਨੀ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਿਹਾ ਹੈ।