ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਜਿੱਥੇ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਨੂੰ ਚੁਣੌਤੀ ਦੇਣ ਦਾ ਯਤਨ ਕਰ ਰਹੀਆਂ ਹਨ, ਉੱਥੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਤੋਰਿਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰ ਕੇ ਖੇਡ ਮੈਦਾਨਾਂ ਵੱਲ ਆਉਣ ਦਾ ਸੱਦਾ ਦਿੱਤਾ। ਉਹ ਅੱਜ ਭੀਖੀ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਜੁੜੀ ਸੰਗਤ ਨੂੰ ਸੰਬੋਧਨ ਕਰ ਰਹੇ ਸਨ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨੌਜਵਾਨਾਂ ਨੂੰ ਵਿੱਦਿਆ, ਹੁਨਰ, ਖੇਡਾਂ, ਮਿਹਨਤ ਅਤੇ ਗੁਰਮਤਿ ਨਾਲ ਜੋੜਨਾ ਸਮੇਂ ਦੀ ਲੋੜ ਹੈ। ਸਿੱਖ ਦੀ ਅਸਲ ਤਾਕਤ ਅਤੇ ਪਛਾਣ ਗੁਰੂ ਨਾਲ ਜੁੜਨ ਵਿੱਚ ਹੈ। ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਹਾਕਮ ਬਦਲਦੇ ਹਨ, ਕਾਨੂੰਨ ਅਤੇ ਨੀਤੀਆਂ ਵੀ ਬਦਲਦੀਆਂ ਰਹਿੰਦੀਆਂ ਹਨ, ਪਰ ਗੁਰੂ ਸਦੀਵੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ ਤਾਂ ਸਿੱਖਾਂ ਨੇ ਗੁਰੂ ਵੱਲੋਂ ਬਖ਼ਸ਼ੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਗੁਰੂ ਕੀਆਂ ਗੋਲਕਾਂ ਤੋਂ ਪੀੜਤਾਂ ਦੀ ਮਦਦ ਕੀਤੀ। ਇਹ ਰਵਾਇਤਾਂ ਪੰਥ ਵਿਰੋਧੀ ਸੋਚ ਰੱਖਣ ਵਾਲਿਆਂ ਨੂੰ ਰਾਸ ਨਹੀਂ ਆਉਂਦੀਆਂ ਅਤੇ ਉਹ ਗੁਰੂ ਘਰ ਦੀਆਂ ਗੋਲਕਾਂ ’ਤੇ ਸਵਾਲ ਕਰਦੇ ਹਨ। ਉਨ੍ਹਾਂ ਸੰਗਤ ਨੂੰ ਅਜਿਹੀ ਸੋਚ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਹਰ ਪਿੰਡ ਵਿੱਚ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ, ਗਿਆਨੀ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਬਾਬਾ ਬੂਟਾ ਸਿੰਘ ਤੇ ਪ੍ਰੇਮ ਕੁਮਾਰ ਅਰੋੜਾ ਮੌਜੂਦ ਸਨ।

