ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਮਾਰਚ
ਅੱਜ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਦਾ ਜਥਾ ਬਸੰਤੀ ਪੱਗਾਂ ਬੰਨ੍ਹ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਦਿੱਲੀ ਦੇ ਬਾਰਡਰਾਂ ਨੂੰ ਮੋਟਰਸਾਈਕਲਾਂ ’ਤੇ ਰਵਾਨਾ ਹੋਇਆ।
ਦੇਰ ਸ਼ਾਮ ਦਿੱਲੀ ਬਾਰਡਰ ਪਹੁੰਚਣ ’ਤੇ ਜਥੇ ’ਚ ਸ਼ਾਮਲ ਨੌਜਵਾਨਾਂ ਦਾ ਉਥੇ ਹਾਜ਼ਰ ਕਿਸਾਨਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਕਸਬਾ ਨੂਰਮਹਿਲ ਤੋਂ ਜਥਾ ਰਵਾਨਾ ਕਰਨ ਸਮੇਂ ਸੰਬੋਧਨ ਕਰਦਿਆਂ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਕੋ-ਕਨਵੀਨਰ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸ਼ਹੀਦ ਸਾਡੇ ਤੋਂ ਮੰਗ ਕਰਦੇ ਹਨ ਕਿ ਹਰ ਜ਼ਬਰ ਜ਼ੁਲਮ ਖ਼ਿਲਾਫ਼ ਜਵਾਨੀ ਨੂੰ ਆਪਣੇ ਮੁੱਕੇ ਤਾਣ ਮੈਦਾਨ ’ਚ ਨਿੱਤਰਨ ਦੀ ਲੋੜ ਹੈ। ਮੋਦੀ ਦੀ ਫਾਸ਼ੀਵਾਦੀ ਸਰਕਾਰ ਨੇ 300 ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦੇ ਇਸ ਅੰਦੋਲਨ ਦੌਰਾਨ ਸ਼ਹੀਦ ਹੋ ਜਾਣ ’ਤੇ ਇਕ ਲਫ਼ਜ਼ ਵੀ ਹਮਦਰਦੀ ਦਾ ਨਹੀਂ ਪ੍ਰਗਟਾਇਆ, ਜੋ ਉਸ ਦੀ ਗੈਰ-ਸੰਵੇਦਨਸ਼ੀਲਤਾ ਅਤੇ ਗੈਰ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਸਾਡੇ ਦੇਸ਼ ਦੇ ਕੁਦਰਤੀ ਸਰਮਾਏ ਨੂੰ ਵਿਦੇਸ਼ੀਆਂ ਤੋਂ ਬਚਾਉਣ ਅਤੇ ਲੋਕਾਂ ਦੀ ਲੁੱਟ ਨੂੰ ਖਤਮ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਪਰ ਮੋਦੀ ਸਰਕਾਰ ਸਭ ਕੁਝ ਕਾਰਪੋਰੇਟਾਂ ਨੂੰ ਲੁਟਾਉਣ ਦੇ ਰਾਹ ਤੁਰੀ ਹੋਈ ਹੈ। ਆਗੂਆਂ ਨੇ ਕਿਹਾ ਕਿ ਨੌਜਵਾਨ ਸ਼ਹੀਦਾਂ ਦੇ ਪਿੰਡਾਂ ਖਟਕੜ ਕਲਾਂ, ਸੁਨਾਮ, ਸਰਾਭਾ, ਜੱਲ੍ਹਿਆਂ ਵਾਲਾ ਬਾਗ਼, ਹੁਸੈਨੀਵਾਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਪਵਿੱਤਰ ਮਿੱਟੀ ਲੈ ਕੇ ਦਿੱਲੀ ਦੇ ਬਾਰਡਰਾਂ ਤੱਕ ਪਹੁੰਚਣਗੇ। ਉਨ੍ਹਾਂ ਜ਼ੋਰਦਾਰ ਮੰਗ ਕੀਤੀ ਕਿ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਮੋਦੀ ਸਰਕਾਰ ਹੋਰ ਵੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।