ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਅਪਰੈਲ
ਇੱਥੋਂ ਦੇ ਇੱਕ ਨੌਜਵਾਨ ਅਵਤਾਰ ਸਿੰਘ ਤਾਰਾ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਖ਼ਿਲਾਫ਼ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਗਲ ਵਿੱਚ ਜ਼ੰਜੀਰਾਂ ਪਾ ਕੇ ਧਰਨੇ ’ਤੇ ਬੈਠੇ ਅਵਾਤਰ ਸਿੰਘ ਨੇ ਮੁੱਖ ਮੰਤਰੀ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਦੀ ਮੰਗ ਕੀਤੀ ਹੈ।
ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਡਰੀਮਲੈਂਡ ਕਲੋਨੀ ਦੇ ਮੁੱਖ ਗੇਟ ਅੱਗੇ ਭੁੱਖ ਹੜਤਾਲ ’ਤੇ ਬੈਠੇ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦਾ ਰੁਝਾਨ ਕਾਫੀ ਵਧ ਰਿਹਾ ਹੈ। ਪੰਜਾਬ ਦੇ ਨੌਜਵਾਨ ਨਸ਼ੇ ਦੀਆਂ ਜ਼ੰਜੀਰਾਂ ਵਿੱਚ ਜਕੜੇ ਗਏ ਹਨ। ਪੰਜਾਬ ਵਿੱਚ ਨਸ਼ਾ ਜ਼ਿੰਦਗੀਆਂ ਤਬਾਹ ਕਰ ਰਿਹਾ ਹੈ। ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਦਾ ਬਿਨਾਂ ਭੇਦ-ਭਾਵ ਤੋਂ ਇਲਾਜ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਨਾਲ ਚੰਗਾ ਵਤੀਰਾ ਨਹੀਂ ਹੋ ਰਿਹਾ, ਉੱਥੇ ਨੌਜਵਾਨਾਂ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਨੌਜਵਾਨਾਂ ਨੂੰ ਨਸ਼ਾ ਮੁਕਤ ਕਰ ਕੇ ਜ਼ਿੰਦਗੀ ਜਿਊਣ ਦੇ ਕਾਬਲ ਬਣਾਉਣ ਲਈ ਇਮਾਨਦਾਰ ਡਾਕਟਰਾਂ ਅਤੇ ਸਟਾਫ਼ ਦੀ ਲੋੜ ਹੈ।
ਭੁੱਖ ਹੜਤਾਲ ’ਤੇ ਬੈਠੇ ਨੌਜਵਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਹਰਾ ਪੈੱਨ ਚਲਾ ਕੇ ਪੰਜਾਬ ’ਚੋਂ ਕਾਲਾ ਦੌਰ ਖ਼ਤਮ ਕੀਤਾ ਜਾਵੇ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਈ ਸਰਕਾਰੀ ਨੁਮਾਇੰਦਾ ਪੱਤਰ ਪ੍ਰਾਪਤ ਕਰ ਕੇ ਮੰਗਾਂ ਮੰਨਣ ਦਾ ਭਰੋਸਾ ਨਹੀਂ ਦਿੰਦਾ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ।