ਨਿਜੀ ਪੱਤਰ ਪ੍ਰੇਰਕ
ਸੰਗਰੂਰ, 10 ਅਗਸਤ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਰੱਖਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵੱਲੋਂ ਖੁਦ ਗਊਸ਼ਾਲਾਵਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਲਈ ਜਾਰੀ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ। ਸ੍ਰੀ ਜੋਰਵਾਲ ਰੋਜ਼ਾਨਾ ਸਵੇਰੇ ਸ਼ਾਮ ਇਸ ਰੋਗ ਦੀ ਸਥਿਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਕਰ ਰਹੇ ਹਨ ਅਤੇ ਬਚਾਅ ਲਈ ਢੁਕਵੇਂ ਕਦਮ ਪੁੱਟਣ ਬਾਰੇ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੂੰ ਬੀਤੀ ਸ਼ਾਮ ਪੰਜਾਬ ਸਰਕਾਰ ਵੱਲੋਂ 10 ਹਜ਼ਾਰ 164 ਟੀਕਿਆਂ ਦੀਆਂ ਹੋਰ ਖੁਰਾਕਾਂ ਭੇਜੀਆਂ ਗਈਆਂ ਹਨ ਜਿਨ੍ਹਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤਮੰਦ ਪਸ਼ੂਆਂ ਦੇ ਲਗਾਉਣ ਲਈ ਵੈਟਰਨਰੀ ਅਧਿਕਾਰੀਆਂ ਨੂੰ ਫੀਲਡ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਖੇਤਰਾਂ ਵਿੱਚ ਪਸ਼ੂ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ ਅਜਿਹੇ ਖੇਤਰਾਂ ਵਿੱਚ ਟੀਮਾਂ ਨੂੰ ਟੀਕਾਕਰਨ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਸਬ ਡਵੀਜ਼ਨਾਂ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਸਥਿਤ ਗਊਸ਼ਾਲਾਵਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ। ਇਸ ਤੋਂ ਇਲਾਵਾ ਗਊਸ਼ਾਲਾਵਾਂ ਵਿਖੇ ਫੋਗਿੰਗ ਕਰਵਾਈ ਜਾ ਰਹੀ ਹੈ।