1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੇ ਮਾਨ ਤੇ ਕੇਜਰੀਵਾਲ ਦਾ ਪੁਤਲਾ ਫੂਕਿਆ
1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨਾਂ ਵੱਲੋਂ ਅੱਜ ਸ਼ਹਿਰ ਦੇ ਵਾਲਮੀਕਿ ਚੌਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਫ਼ੂਕਿਆਂ ਗਿਆ ਅਤੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਕੈਬਨਿਟ ਸਬ ਕਮੇਟੀ ਨਾਲ 18 ਸਤੰਬਰ ਨੂੰ ਨਿਸ਼ਚਿਤ ਹੋਈ ਮੀਟਿੰਗ ਸਰਕਾਰ ਵੱਲੋਂ ਮੁਲਤਵੀ ਕਰਨ ਤੋਂ ਖਫ਼ਾ ਸਨ। ਅੱਜ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਅਗਵਾਈ ਹੇਠ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਸ਼ਹਿਰ ਦੇ ਪਟਿਆਲਾ ਗੇਟ ਸਥਿਤ ਭਗਵਾਨ ਵਾਲਮੀਕਿ ਚੌਕ ਵਿਚ ਇਕੱਠੇ ਹੋਏ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਫਰੰਟ ਦੇ ਆਗੂਆਂ ਪ੍ਰਿਤਪਾਲ ਸਿੰਘ, ਨਿਰਭੈ ਸਿੰਘ, ਹਰਕੰਵਲ ਸਿੰਘ ਅਤੇ ਸਤਵਿੰਦਰ ਸਿੰਘ ਨੇ ਕਿਹਾ ਕਿ ਬੀਤੇ ਸੋਮਵਾਰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਮੌਕੇ ਪੁਲੀਸ ਵੱਲੋਂ ਖਿੱਚ-ਧੂਹ ਕੀਤੀ ਗਈ ਅਤੇ 16 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਪਰੰਤੂ ਬਾਅਦ ਵਿਚ ਸੰਘਰਸ਼ ਦੀ ਬਦੌਲਤ ਸਾਥੀਆਂ ਨੂੰ ਛੱਡਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਕੈਬਨਿਟ ਸਬ ਕਮੇਟੀ ਨਾਲ 18 ਸਤੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਸੀ ਜਿਸ ਸਬੰਧੀ ਬਾਕਾਇਦਾ ਲਿਖਤੀ ਪੱਤਰ ਵੀ ਦਿੱਤਾ ਗਿਆ ਸੀ ਪਰੰਤੂ ਇਸ ਮੀਟਿੰਗ ਨੂੰ ਬਿਨਾਂ ਕਿਸੇ ਵਾਜਿਬ ਕਰਨ ਦੇ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ 1158 ਭਰਤੀ ਨੂੰ ਬਚਾਉਣ ਲਈ ਰਿਵਿਊ ਪਟੀਸ਼ਨ ਦਾਇਰ ਕਰਨ ਲਈ ਪਹਿਲਾਂ ਹੀ ਦੋ ਮਹੀਨੇ ਲੰਘਾ ਚੁੱਕੀ ਹੈ। ਹੁਣ ਵੀ ਇਸ ਮਸਲੇ ਉੱਤੇ ਸੁਹਿਰਦਤਾ ਨਾ ਦਿਖਾਉਣਾ ਸਰਕਾਰ ਦੀ ਬਦਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਰੀਵਿਊ ਫ਼ਾਈਲ ਨਹੀਂ ਕੀਤੀ ਜਾਂਦੀ ਤਾਂ 21 ਸਤੰਬਰ ਨੂੰ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।