ਬਾਲਦ ਖੁਰਦ ਤੋਂ 14 ਟਰਾਲੀਆਂ ਰਾਹਤ ਸਮੱਗਰੀ ਭੇਜੀ
ਪਿੰਡ ਬਾਲਦ ਖੁਰਦ ਦੇ ਨੌਜਵਾਨਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ 14 ਟਰਾਲੀਆਂ ਭੇਜੀਆਂ ਗਈਆਂ। ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ, ਬਲਜਿੰਦਰ ਸਿੰਘ, ਇੰਦਰਜੀਤ ਸਿੰਘ, ਤਲਵਿੰਦਰ ਸਿੰਘ ਪੰਚ, ਸਤਨਾਮ ਸਿੰਘ ਪੰਚ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਯੁਵਰਾਜ ਸਿੰਘ ਅਤੇ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਲਈ ਪਿੰਡ ਵਿੱਚੋਂ ਰਾਸ਼ਨ ਅਤੇ ਪੈਸੇ ਇਕੱਠੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅੱਜ ਉਹ ਗੁਰਦਾਸਪੁਰ ਦੇ ਨੇੜੇ ਦੇ ਪਿੰਡਾਂ ਦੇ ਹੜ੍ਹ ਪੀੜਤਾਂ ਤੋਂ ਪੁੱਛ ਕੇ ਉਨ੍ਹਾਂ ਦੀ ਲੋੜ ਮੁਤਾਬਕ ਸੱਤ ਟਰਾਲੀਆਂ ਤੂੜੀ ਅਤੇ ਸੱਤ ਟਰਾਲੀਆਂ ਪਸ਼ੂਆਂ ਦਾ ਚਾਰਾ, 22 ਕੁਇੰਟਲ ਆਟਾ ਅਤੇ ਪਾਣੀ ਦੀਆਂ ਪੇਟੀਆਂ ਲੈ ਕੇ ਜਾ ਰਹੇ ਹਨ।
ਪਟਿਆਲਾ (ਪੱਤਰ ਪ੍ਰੇਰਕ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪਟਿਆਲਾ ਤੋਂ 16 ਟਰੱਕਾਂ ਵਿਚ ਭੇਜੀ ਗਈ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ। ਇਹ ਰਾਹਤ ਸਮੱਗਰੀ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਵੱਲੋਂ ਇਕੱਠੀ ਕੀਤੀ ਗਈ ਹੈ ਜਿਸ ਵਿੱਚ ਪਸ਼ੂਆਂ ਲਈ ਸਾਇਲੇਜ, 5 ਹਜ਼ਾਰ ਰਾਸ਼ਨ ਕਿੱਟਾਂ, ਮੈਡੀਕਲ ਕਿੱਟਾਂ, ਓ.ਆਰ.ਐਸ., ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਓਡੋਮੋਸ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ। ਇਹ ਟਰੱਕ ਖ਼ਾਸ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੋਰ ਸਰਹੱਦੀ ਜ਼ਿਲ੍ਹਿਆਂ ਵੱਲ ਭੇਜੇ ਜਾ ਰਹੇ ਹਨ, ਜੋ ਹੜ੍ਹ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਵੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਮਿਲ ਕੇ ਪੀੜਤ ਲੋਕਾਂ ਤੱਕ ਸਮੇਂ ਸਿਰ ਮਦਦ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਐੱਸਡੀਐੱਮ ਹਰਜੋਤ ਕੌਰ, ਸੂਬਾ ਪ੍ਰਧਾਨ ਗੁਰਦੀਪ ਸਿੰਘ ਚੀਮਾ, ਸ਼ਾਮ ਲਾਲ ਢੇਲਵਾਂ, ਭੋਲਾ ਸਿੰਘ, ਨਰੇਸ਼ ਕੁਮਾਰ, ਸੁਰਜੀਤ ਢਿੱਲੋਂ, ਗੁਰਜੰਟ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।