ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 10 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਸਮੇਤ ਦੇਸ਼ ਦੀਆਂ ਕਰੀਬ 450 ਕਿਸਾਨ ਜੱਥੇਬੰਦੀਆਂ ‘ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਿੰਡਾਂ ‘ਚੋਂ ਕਿਸਾਨ ਜੱਥਿਆਂ ਦਾ ਦਿੱਲੀ ਰਵਾਨਾ ਹੋਣ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਭੂਦਨ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਆਗੂ ਕੁਲਵਿੰਦਰ ਸਿੰਘ ਭੂਦਨ ਨੇ ਕਿਸਾਨਾਂ ਦਾ 22ਵਾਂ ਜੱਥਾ ਲੋੜੀਂਦੇ ਸਮਾਨ ਸਮੇਤ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਕੀਤਾ। ਕਿਸਾਨ ਆਗੂਆਂ ਨੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਕਿਸਾਨਾਂ ਦਾ ਜਥਾ ਪੂਰੇ ਜੋਸ਼ ਦੇ ਨਾਲ ਨਾਅਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ।