ਸੰਗਰੂਰ: ਪੰਜਾਬ ਸਰਕਾਰ ਵੱਲੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ ਜੁਲਾਈ 2021 ਤੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ’ਤੇ ਲੋੜਵੰਦ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੇ ਹਿਸਾਬ ਨਾਲ 211 ਲਾਭਪਾਤਰੀਆਂ ਨੂੰ 1 ਕਰੋੜ 7 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਡੀਸੀ ਰਾਮਵੀਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕੁੱਲ 2 ਕਰੋੜ 75 ਲੱਖ 82 ਹਜ਼ਾਰ ਰੁਪਏ ਬਿਨੈਕਾਰਾਂ ਦੇ ਖਾਤਿਆਂ ਵਿੱਚ ਪਾਏ ਜਾ ਚੁੱਕੇ ਹਨ। ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਨੂੰ ਵੀ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। -ਨਿੱਜੀ ਪੱਤਰ ਪ੍ਰੇਰਕ