ਨਿੱਜੀ ਪੱਤਰ ਪ੍ਰੇਰਕ
ਧੂਰੀ, 4 ਮਈ
ਕਰੋਨਾ ਮਹਾਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲਗਾਏ ਗਏ ਅੱਧੇ-ਅਧੂਰੇ ਲੌਕਡਾਊਨ ਸਬੰਧੀ ਕੁੱਝ ਕੁ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮਾਂ ਖ਼ਿਲਾਫ਼ ਅੱਜ ਧੂਰੀ ਵਪਾਰ ਮੰਡਲ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇੱਕ ਮੰਗ ਪੱਤਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਸੰਦੀਪ ਤਾਇਲ ਨੂੰ ਸੌਂਪਿਆ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਅਤੇ ਜਨਰਲ ਸਕੱਤਰ ਹੰਸ ਰਾਜ ਬਜਾਜ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਨੂੰ ਲੈ ਕੇ ਜੋ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਕਰਨ ਸਬੰਧੀ 15 ਮਈ ਤੱਕ ਲੌਕਡਾਊਨ ਲਗਾਇਆ ਗਿਆ ਹੈ, ਕਰੋਨਾ ਮਹਾਮਾਰੀ ਤੋਂ ਵੀ ਵੱਧ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਮਹਾਮਾਰੀ ਤੋਂ ਤਾਂ ਬਚਾ ਲੈਣਗੀਆਂ ਪਰ ਆਰਥਿਕ ਤੰਗੀਆਂ ਕਾਰਨ ਵਪਾਰੀ ਵਰਗ ਬਿਲਕੁਲ ਹੀ ਖਤਮ ਹੋ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਹੀ ਵਪਾਰ ਨੂੰ ਦਿਨ ਵਿੱਚ ਕੁੱਝ ਸਮੇਂ ਲਈ ਖੋਲ੍ਹਿਆ ਜਾਵੇ।