ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ‘ਆਸ਼ੀਰਵਾਦ’ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜ਼ਿਲ੍ਹੇ ਲਈ 78.54 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ’ਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਅਕਤੂਬਰ 2025 ਦੇ 117 ਲਾਭਪਾਤਰੀਆਂ ਲਈ 59.67 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਲਈ ਅਕਤੂਬਰ 2025 ਦੇ 37 ਲਾਭਪਾਤਰੀਆਂ ਲਈ 18.87 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ ਬੀ ਟੀ ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਭੇਜੀ ਜਾ ਰਹੀ ਹੈ।
ਅਰਜ਼ੀਆਂ ਸੇਵਾ ਕੇਂਦਰਾਂ ਰਾਹੀਂ ਲਈਆਂ ਜਾਣਗੀਆਂ: ਡੀ ਸੀ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਦੀ ਅਰਜ਼ੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਲਾਭਪਾਤਰੀਆਂ ਤੱਕ ਸੁਚੱਜੀ ਸੇਵਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁਣ ਆਸ਼ੀਰਵਾਦ ਪੋਰਟਲ ’ਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਸੁਵਿਧਾ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਸਰਕਾਰ ਵੱਲੋਂ ਐੱਨ ਆਈ ਸੀ ਪੰਜਾਬ ਨਾਲ ਮਿਲ ਕੇ ਆਸ਼ੀਰਵਾਦ ਪੋਰਟਲ ਬਣਵਾਇਆ ਗਿਆ ਹੈ, ਜਿਸ ਸਦਕਾ ਹੁਣ ਆਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਬਿਨੈਕਾਰ ਕਿਸੇ ਵੀ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਕਾਫ਼ੀ ਘੱਟ ਫ਼ੀਸ ਨਾਲ ਆਪਣੀ ਲੜਕੀ ਦੇ ਵਿਆਹ ਦੀ ਫਾਈਲ ਅਪਲਾਈ ਕਰ ਸਕਦਾ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਸਕੀਮ ਹੈ। ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

