ਨਿਜੀ ਪੱਤਰ ਪ੍ਰੇਰਕ
ਸੰਗਰੂਰ, 22 ਅਕਤੂਬਰ
ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਪੰਜਾਬ ਪੁਲੀਸ ਦੇ ਇੱਕ ਹੌਲਦਾਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਵਿਜੀਲੈਂਸ ਵਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹੌਲਦਾਰ ਹਰਮਨਜੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਥਾਣਾ ਭਵਾਨੀਗੜ੍ਹ ਅਧੀਨ ਪੈਂਦੀ ਪੁਲੀਸ ਚੌਂਕੀ ਕਾਲਾਝਾੜ ਵਿਖੇ ਤਾਇਨਾਤ ਹੈ। ਵਿਜੀਲੈਂਸ ਬਿਊਰੋ ਕੋਲ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ ਜ਼ਿਲ੍ਹਾ ਮਲੇਰਕੋਟਲਾ ਨੇ ਇੱਕ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੌਲਦਾਰ ਹਰਮਨਜੀਤ ਸਿੰਘ ਇੱਕ ਕੇਸ ਵਿਚ ਉਸ ਦੀ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਅਨੁਸਾਰ ਸ਼ਿਕਾਇਤ ਦੇ ਨਾਲ ਪੇਸ਼ ਕੀਤੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ ਹੌਲਦਾਰ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਮੁਤਾਬਕ ਜਲਦੀ ਹੀ ਸੱਚ ਸਾਹਮਣੇ ਆ ਜਾਵੇਗਾ। ਪੁਲੀਸ ਵੱਲੋਂ ਇਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਨੋ ਟੋਲਰੈਂਸ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹੈ।