ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਅੱਜ ਵੀ ਕਣਕ ਦੀ ਸਿੱਧੀ ਅਦਾਇਗੀ ਦਾ ਮਾਮਲਾ ਕਿਸਾਨ ਜਥੇਬੰਦੀਆਂ ਦੇ ਨਿਸ਼ਾਨੇ ’ਤੇ ਰਿਹਾ ਅਤੇ ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੂਬ ਭੰਡਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਅੰਨਦਾਤਾ ਨੂੰ ਤਬਾਹ ਕਰਨ ਦੇ ਰਾਹ ਪੈ ਗਈ ਹੈ ਪਰ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ।ਇਥੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਤੇ ਕਿਸਾਨ ਬੀਬੀਆਂ ਪੱਕੇ ਮੋਰਚੇ ’ਤੇ ਡਟੀਆਂ ਹੋਈਆਂ ਹਨ ਜਦੋਂ ਕਿ 31 ਕਿਸਾਨ ਜਥੇਬੰਦੀਆਂ ਦਾ ਪੱਕਾ ਰੋਸ ਧਰਨਾ ਸਥਾਨਕ ਰੇਲਵੇ ਸਟੇਸ਼ਨ ਨੇੜੇ ਲਗਾਤਾਰ ਜਾਰੀ ਹੈ। ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾਭਰੀਆਂ, ਗੁਰਦੀਪ ਕੰਮੋਮਾਜਰਾ, ਲਾਭਂ ਸਿੰਘ ਖੁਰਾਣਾ, ਸ਼ਿੰਦਰ ਸਿੰਘ, ਹਰਦੇਵ ਸਿੰਘ ਨੇ ਕਿਸਾਨ ਬੀਬੀਆਂ ਨੇ ਵੀ ਸੰਬੋਧਨ ਕੀਤਾ ਜਦੋਂ ਕਿ ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਇੰਦਰਪਾਲ ਪੁੰਨਾਂਵਾਲ, ਨਰੰਜਣ ਸਿੰਘ ਚੁਨਾਗਰਾ, ਡਾ. ਹਰਪ੍ਰੀਤ ਕੌਰ ਖਾਲਸਾ, ਡਾ. ਅਮਨਦੀਪ ਕੌਰ ਗੋਸਲ, ਲੱਖਮੀ ਚੰਦ, ਗੁਰਬਖਸੀਸ਼ ਸਿੰਘ, ਰੋਹੀ ਸਿੰਘ ਮੰਗਵਾਲ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਕਿਸਾਨ, ਆੜਤੀਆਂ ਅਤੇ ਮਜ਼ਦੂਰ ਮਾਰੂ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਤੋਂ ਬੁਖਲਾਹਟ ਵਿਚ ਹੈ ਅਤੇ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲੈ ਕੇ ਅੰਨਦਾਤਾ ਨੂੰ ਤਬਾਹ ਕਰਨ ਦੇ ਰਾਹ ਪੈ ਗਈ ਹੈ।
ਕਿਸਾਨ ਯੂਨੀਅਨ ਵੱਲੋਂ ਧਰਨਾ 192ਵੇਂ ਦਿਨ ਵੀ ਜਾਰੀ
ਲਹਿਰਾਗਾਗਾ(ਰਮੇਸ਼ ਭਾਰਦਵਾਜ): ਇਥੇ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 192ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜਥੇਬੰਦੀ ਦੇ ਆਗੂ ਕਰਨੈਲ ਸਿੰਘ ਗਨੋਟਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ,ਰਾਮ ਸਿੰਘ ਨੰਗਲਾ, ਜਸ਼ਨਦੀਪ ਕੋਰ ਪਿਸ਼ੌਰ, ਕਰਮਜੀਤ ਕੌਰ ਭੁਟਾਲ ਕਲਾਂ ਅਤੇ ਜਸਵਿੰਦਰ ਕੌਰ ਗਾਗਾ ਨੇ ਪੱਕੇ ਮੋਰਚੇ ਵਿਚ ਸ਼ਾਮਿਲ ਕਿਸਾਨ ਮਜ਼ਦੂਰ ਮਰਦ ਔਰਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰੇ।