ਪਵਨ ਕੁਮਾਰ ਵਰਮਾ
ਧੂਰੀ, 29 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਪਿੰਡ ਜਹਾਂਗੀਰ ਦੇ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐੱਸਡੀਐੱਮ ਦਫ਼ਤਰ ਧੂਰੀ ਅੱਗੇ ਪੱਕਾ ਮੋਰਚਾ ਲਾਇਆ ਗਿਆ। ਇਸ ਮੌਕੇ ਹਾਜ਼ਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਨੇ ਕਿਹਾ ਕਿ ਪਿੰਡ ਜਹਾਂਗੀਰ ਦੀ ਕਿਸਾਨ ਪਰਿਵਾਰ ਨਾਲ ਸਬੰਧਤ ਕਿਰਨਜੀਤ ਕੌਰ ਪੁੱਤਰੀ ਗੁਰਚਰਨ ਸਿੰਘ ਨਾਲ ਪਿੰਡ ਦੇ ਹੀ ਇੱਕ ਧਨਾਢ ਪਰਿਵਾਰ ਵੱਲੋਂ ਕੀਤੀ ਗਈ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਅੱਜ ਕਿਰਨਜੀਤ ਕੌਰ ਨੂੰ ਇਨਸਾਫ਼ ਦਿਵਾਉਣ ਲਈ ਐੱਸਡੀਐੱਮ ਦਫ਼ਤਰ ਧੂਰੀ ਅੱਗੇ ਪੱਕਾ ਮੋਰਚਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਗਾਇਆ ਗਿਆ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਪੀੜਤਾ ਕਿਰਨਜੀਤ ਕੌਰ ਨੂੰ ਇਨਸਾਫ਼ ਨਹੀਂ ਮਿਲਦਾ, ਉੱਨਾ ਚਿਰ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪ੍ਰਸ਼ਾਸਨ ਨੇ ਮਾਮਲੇ ਦੀ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਐੱਸਡੀਐੱਮ ਦੀ ਹੋਵੇਗੀ। ਇਸ ਮੌਕੇ ਰਾਮ ਸਿੰਘ ਕੱਕੜਵਾਲ, ਜਸਪਾਲ ਸਿੰਘ ਪੇਧਨੀ, ਕਰਮਜੀਤ ਸਿੰਘ ਭਲਵਾਨ, ਗੁਰਦੇਵ ਸਿੰਘ ਲੱਡਾ, ਬਾਬੂ ਸਿੰਘ ਮੂਲੋਵਾਲ, ਬਲਵੰਤ ਸਿੰਘ ਘਨੌਰੀ ਕਲਾਂ ਅਤੇ ਮਨਜੀਤ ਸਿੰਘ ਜਹਾਂਗੀਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।