ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮਹਿਲਾ ਵਿੰਗ ਦਾ ਵਫ਼ਦ ਡੀਸੀ ਨੂੰ ਮਿਲਿਆ
ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਜੂਨ
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਔਰਤ ਵਿੰਗ ਦਾ ਵਫ਼ਦ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮਿਲਿਆ ਅਤੇ ਗ੍ਰਿਫ਼ਤਾਰ ਔਰਤਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਅਤੇ ਹੋਰ ਮੰਗਾਂ ਤੋਂ ਜਾਣੂ ਕਰਵਾਇਆ।
ਮਹਿਲਾ ਵਿੰਗ ਦੀਆਂ ਆਗੂ ਜਸਬੀਰ ਕੌਰ ਹੇੜੀਕੇ ਅਤੇ ਸੁਖਵਿੰਦਰ ਕੌਰ ਮੰਡੌੜ ਨੇ ਕਿਹਾ ਕਿ ਜ਼ਮੀਨਾਂ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਦੌਰਾਨ ਪਿਛਲੇ ਦਿਨੀਂ ਕਾਰਕੁਨਾਂ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹੀ ਡੱਕ ਦਿੱਤਾ ਗਿਆ ਸੀ, ਜਿਸ ਵਿੱਚੋਂ ਹਾਲੇ ਵੀ ਕੁੱਝ ਔਰਤਾਂ ਸਮੇਤ ਕਾਰਕੁਨ ਜੇਲ੍ਹ ’ਚ ਬੰਦ ਹਨ। ਉਨ੍ਹਾਂ ਮੰਗ ਕੀਤੀ ਕਿ ਜੇਲ ਵਿੱਚ ਬੰਦ ਔਰਤਾਂ ਅਤੇ ਹੋਰ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਝੂਠ ਪਾਏ ਪਰਚਿਆਂ ਸਬੰਧੀ ਐੱਸਡੀਐੱਮ ਦਫ਼ਤਰਾਂ ਵਿੱਚ ਕੁਝ ਔਰਤਾਂ ਬੁਲਾ ਕੇ ਖੱਜਲ-ਖੁਆਰ ਕਰਨਾ ਬੰਦ ਕੀਤਾ ਜਾਵੇ। ਮਹਿਲਾ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਦਿੱਲੀ ਦੇ ਅੰਦਰ ਆਮ ਆਦਮੀ ਪਾਰਟੀ ਦੀ ਹਾਰ ਹੋਈ ਹੈ ਉਸ ਤੋਂ ਬਾਅਦ ਪੰਜਾਬ ਦੇ ਅੰਦਰ ‘ਆਪ’ ਲਗਾਤਾਰ ਪੰਜਾਬ ਨੂੰ ਪੁਲੀਸ ਰਾਜ ਬਣਾਉਣ ਵੱਲ ਤਬਦੀਲ ਕਰ ਰਹੀ ਹੈ ਜਿਸ ਤਹਿਤ ਵੱਖ-ਵੱਖ ਸੰਘਰਸ਼ਾਂ ਨੂੰ ਦੱਬਣ ਦੇ ਲਈ ਹਰ ਤਰਾਂ ਦੇ ਜਬਰ ਦਾ ਕੁਹਾੜਾ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਗਮਪੁਰਾ ਵਸਾਉਣ ਲਈ ਸ਼ੁਰੂ ਕੀਤਾ ਸੰਘਰਸ਼ ਹਰ ਹਾਲਤ ਵਿਚ ਜਾਰੀ ਰਹੇਗਾ। ਵਫ਼ਦ ਵਿੱਚ ਕਿਰਨਜੀਤ ਕੌਰ ਅਮਰਗੜ੍ਹ, ਰਾਜ ਕੌਰ ਬਡਰੁੱਖਾਂ ਅਮਨਦੀਪ ਕੌਰ, ਕੁਲਜੀਤ ਕੌਰ ਕਿਰਨਦੀਪ ਕੌਰ ਤੇ ਕੁਲਜਿੰਦਰ ਕੌਰ ਹਾਜ਼ਰ ਸਨ।
ਮੰਗਾਂ ’ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ
ਮਹਿਲਾ ਆਗੂਆਂ ਅਨੁਸਾਰ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਸੰਗਰੂਰ ਨਾਲ ਗੱਲ ਕਰਕੇ ਦੋ ਦਿਨਾਂ ਦੇ ਅੰਦਰ ਅੰਦਰ ਔਰਤਾਂ ਨੂੰ ਰਿਹਾਅ ਕੀਤਾ ਜਾਵੇਗਾ ਅਤੇ ਬਾਕੀ ਮੰਗਾਂ ’ਤੇ ਵੀ ਵਿਚਾਰ ਕੀਤਾ ਜਾਵੇਗਾ।