ਪੱਤਰ ਪ੍ਰੇਰਕ
ਲਹਿਰਾਗਾਗਾ, 7 ਅਕਤੂਬਰ
ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਮਿੱਟੀ ਵਿੱਚ ਹੀ ਮਿਲਾਉਣ ਲਈ ਜੰਗੀ ਪੱਧਰ ’ਤੇ ਵਿੱਢੀ ਮੁਹਿੰਮ ਅਧੀਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਹਰਬੰਸ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਆਲਮਪੁਰ ਵਿੱਚ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਕਾਸ ਅਫਸਰ ਨਰਿੰਦਰਪਾਲ ਸਿੰਘ ਚੀਮਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਮਿੱਟੀ ਅਤੇ ਵਾਤਾਵਰਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ ਧਰਤੀ ਵਿਚਲੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ, ਉੱਥੇ ਹੀ ਕਾਰਬਨ ਡਾਇਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ ਅਤੇ ਨਾਈਟ੍ਰਿਕ ਅਕਾਸਾਈਡ ਵਰਗੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਧਰਤੀ ਦੀ ਤਪਸ਼ ਵਧਾਉਂਦੀਆਂ ਹਨ ਅਤੇ ਮਨੁੱਖਾਂ ਅਤੇ ਜਾਨਵਰਾਂ ਨੂੰ ਵੀ ਬੀਮਾਰ ਕਰਦੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਹੈਪੀ ਸੀਡਰ, ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਬਾਰੇ ਵੀ ਜਾਣੂ ਕਰਵਾਇਆ।