ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਬਲਾਕ ਦੇ ਪਿੰਡ ਖੇੜੀ ਚੰਦਵਾਂ, ਜਲਾਣ ਅਤੇ ਸੰਤੋਖਪੁਰਾ ਵਿੱਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਆਈਆਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਰਹਿੰਦੇ ਲਗਪਗ ਛੇ ਕਰੋੜ ਰੁਪਏ ਦੇ ਮੁਆਵਜ਼ੇ ਨੂੰ ਲੈ ਕੇ ਭਾਰਤ ਮਾਲਾ ਰੋਡ ’ਤੇ ਚਲਦੇ ਕੰਮ ਨੂੰ ਰੋਕ ਕੇ ਪੱਕਾ ਮੋਰਚਾ ਲਗਾਇਆ ਗਿਆ।
ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ, ਕੁਲਦੀਪ ਸਿੰਘ ਬਖੋਪੀਰ, ਗੁਰਦੇਵ ਸਿੰਘ ਆਲੋਅਰਖ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਪਿਛਲੇ ਸਮੇਂ ਜੋ ਭਾਰਤ ਮਾਲਾ ਪ੍ਰਾਜੈਕਟ ਅਧੀਨ ਦਿੱਲੀ-ਜੰਮੂ ਕਟੜਾ ਹਾਈਵੇਅ ਪੰਜਾਬ ਦੀਆਂ ਜ਼ਮੀਨਾਂ ਵਿੱਚੋਂ ਦੀ ਨਿਕਲਿਆ ਸੀ। ਇਸ ਪ੍ਰਾਜੈਕਟ ਵਿੱਚ ਆਈ ਜ਼ਮੀਨ ਦਾ ਪੰਜਾਬ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਕਾਫੀ ਸਮੇਂ ਬਾਅਦ ਵੀ ਉਕਤ ਪਿੰਡਾਂ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਦੀ ਅਦਾਇਗੀ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਅੱਜ ਬੀ ਕੇ ਯੂ ਉਗਰਾਹਾਂ ਵੱਲੋਂ ਮੋਰਚਾ ਮੁੜ ਸ਼ੁਰੂ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਪੂਰਾ ਮੁਆਵਜ਼ਾ ਨਹੀਂ ਪਾਉਂਦੀ, ਉਦੋਂ ਤੱਕ ਰੋਡ ’ਤੇ ਕਿਸੇ ਵੀ ਤਰ੍ਹਾਂ ਦਾ ਕੰਮ ਨਹੀਂ ਚੱਲਣ ਦਿੱਤਾ ਜਾਵੇਗਾ।

