ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 14 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਦਿੱਲੀ ਦੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦਿੜਬਾ ਤੋਂ 40ਵੀਂ ਬੱਸ ਦਿੱਲੀ ਲਈ ਰਵਾਨਾ ਹੋਈ, ਜਿਸ ਵਿੱਚ ਕਿਸਾਨਾਂ ਤੋਂ ਇਲਾਵਾ ਕਿਸਾਨ ਬੀਬੀਆਂ ਵੀ ਸ਼ਾਮਲ ਸਨ। ਇਸ ਸਬੰਧੀ ਜਥੇਦਾਰ ਹਰਬੰਸ ਸਿੰਘ, ਰਾਜ ਸਿੰਘ, ਗੁਰਮੇਲ ਸਿੰਘ ਅਤੇ ਨੌਜਵਾਨ ਕਿਸਾਨ ਜਗਦੀਪ ਸਿੰਘ ਦਿੜਬਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਜਦੋਂ ਤੋਂ ਦਿੱਲੀ ਦੀਆਂ ਵੱਖ-ਵੱਖ ਬਰੂਹਾਂ ’ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ, ਉਦੋਂ ਤੋਂ ਹੀ ਦਿੜਬਾ ਤੋਂ ਹਰ ਹਫ਼ਤੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਬੱਸਾਂ ਰਾਹੀਂ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸ ਲੜੀ ਤਹਿਤ ਦਿੜਬਾ ਤੋਂ ਇਹ 40ਵੀਂ ਬੱਸ ਰਵਾਨਾ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਆਪਣੇ ਨਾਲ ਰਾਸ਼ਨ, ਖੰਡ, ਘਿਉ ਅਤੇ ਹੋਰ ਲੋੜੀਂਦਾ ਸਾਮਾਨ ਨਾਲ ਲੈ ਕੇ ਜਾਂਦੇ ਹਨ। ਇਸ ਮੌਕੇ ਨੌਜਵਾਨ ਕਿਸਾਨ ਆਗੂ ਮੱਖਣ ਸਿੰਘ, ਮਨਿੰਦਰ ਸਿੰਘ, ਰੂਪੀ ਸਿੰਘ, ਧੰਨ ਸਿੰਘ, ਸਤਨਾਮ ਸਿੰਘ ਆਦਿ ਕਿਸਾਨ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।